ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਦਸੰਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਦੀ ਅਗਵਾਈ ’ਚ ਅੱਜ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਦੂਜੇ ਦਿਨ ਭਰਵੀਂ ਗਿਣਤੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ ਤੇ ਜ਼ਿਲ੍ਹਾ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਨੇ ਸੂਬਾ ਸਰਕਾਰ ’ਤੇ ਮੁਲਾਜ਼ਮ ਤੇ ਪੈਨਸ਼ਨਰ ਦੋਖੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ 2022 ’ਚ ਸਬਕ ਸਿਖਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਮਹਿਜ ਸਟੇਜਾਂ ’ਤੇ ਸਿਰਫ ਐਲਾਨ ਕਰਕੇ ਚੋਣ ਜ਼ਾਬਤਾ ਲਾਗੂ ਹੋਣ ਦੀ ਉਡੀਕ ਵਿੱਚ ਹੈ ਤੇ ਸਮੂਹ ਵਰਗ ਸਰਕਾਰ ਦੀ ਇਸ ਚਾਲ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਅਜੇ ਵੀ ਸਮਾਂ ਹੈ ਕਿ ਤੁਰੰਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਕੇ ਮੁਲਾਜ਼ਮ ਪੱਖੀ ਹੋਣ ਦਾ ਸਬੂਤ ਦੇਵੇ, ਨਹੀਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ 8 ਲੱਖ ਦੇ ਕਰੀਬ ਮੁਲਾਜ਼ਮ ਤੇ ਪੈਨਸ਼ਨਰ ਮਿਲਕੇ ਸਬਕ ਸਿਖਾਉਣਗੇ। ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਵੱਲੋਂ ਕਲਮ ਛੋੜ/ਮੁਕੰਮਲ ਕੰਮ ਠੱਪ ਦੀ ਹੜਤਾਲ ਵਿੱਚ ਇੱਕ ਦਿਨ ਦਾ ਹੋਰ ਵਾਧਾ ਕਰਕੇ ਹੁਣ ਹੜਤਾਲ 30 ਦਸੰਬਰ ਤੱਕ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ। ਫਰੰਟ ਦੇ ਸਮੂਹ ਕਨਵੀਨਰਾਂ ਦੀ 30 ਦਸੰਬਰ ਨੂੰ ਸੂਬਾ ਪੱਧਰੀ ਮੀਟਿੰਗ ਕਰਕੇ ਸਮੂਹ ਕਨਵੀਨਰਾਂ ਦੀ ਸਲਾਹ ਅਨੁਸਾਰ ਅਗਲੇ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ ਤੇ ਐਕਸ਼ਨਾਂ ਦਾ ਐਲਾਨ ਕੀਤਾ ਜਾਵੇਗਾ।