ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 11 ਮਈ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਫਸਲ ਦੀ ਵਾਢੀ ਅਤੇ ਤੂੜੀ ਬਣਾਉਣ ਤੋਂ ਬਾਅਦ ਰਹਿ ਜਾਂਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਸਮੂਹ ਉਪ-ਮੰਡਲ ਮੈਜਿਸਟ੍ਰੇਟ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲੀਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਮਿੱਟੀ ਵਿਚਲੇ ਖੁਰਾਕੀ ਤੱਤਾਂ ਨੂੰ ਖਤਮ ਹੋਣ ਤੋਂ ਬਚਾਉਣ ਲਈ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਜਾਰੀ ਰੱਖਿਆ ਜਾਵੇ।
ਮੀਟਿੰਗ ਦੌਰਾਨ ਏਡੀਸੀ ਆਕਾਸ਼ ਬਾਂਸਲ, ਏਡੀਸੀ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ, ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸਡੀਐੱਮ ਭਵਾਨੀਗੜ੍ਹ ਵਿਨੀਤ ਕੁਮਾਰ, ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ।