ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਭੂਮਿਕਾ ਨਿਭਾਉਣ ਅਧਿਕਾਰੀ: ਗੋਇਲ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੌਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕਤਾ ਲਈ ਸਰਗਰਮ ਭੂਮਿਕਾ ਨਿਭਾਉਣ ਸੱਦਾ ਦਿੱਤਾ ਹੈ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸੁਖਚੈਨ ਸਿੰਘ ਪਪੜਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਜਾ ਕੇ ਮਨੁੱਖੀ ਅਧਿਕਾਰਾਂ ਦੀ ਰਾਖੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅਧਿਕਾਰੀਆਂ ਨੂੰ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ ਦੀ ਆਸਾਨ ਵਿਧੀਆਂ ਬਾਰੇ ਵੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਸ਼ਿਕਾਇਤ ਲਈ ਨਾ ਹੀ ਕੋਈ ਫੀਸ ਹੈ ਤੇ ਨਾ ਹੀ ਕੋਈ ਵਕੀਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸੰਭਾਵੀ ਤੌਰ ’ਤੇ ਮਨੁੱਖੀ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਥਾਵਾਂ ਜਿਵੇਂ ਕਿ ਹਸਪਤਾਲ, ਜੇਲ੍ਹ, ਥਾਣੇ ਅਤੇ ਸਕੂਲਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਸੀਨੀਅਰ ਸਿਟੀਜ਼ਨ ਅਤੇ ਬਾਲਾਂ ਦੇ ਅਧਿਕਾਰਾਂ ਦੀ ਰਾਖੀ ਵੱਲ ਵਿਸ਼ੇਸ਼ ਧਿਆਨ ਦੇਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਭ ਨੂੰ ਸੀਨੀਅਰ ਸਿਟੀਜ਼ਨ ਅਤੇ ਬੱਚਿਆਂ ਬਾਰੇ ਆਪਣਾ ਵਿਵਹਾਰ ਹਮਦਰਦੀ ਵਾਲਾ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਕੂਲਾਂ ਵਿਚ ਪੀਣ ਵਾਲੇ ਪਾਣੀ ਦੀ ਲਗਾਤਾਰ ਜਾਂਚ ਅਤੇ ਕੇਂਦਰੀ ਜੇਲ੍ਹ ਵਿਚ ਬੰਦ ਬੱਚਿਆਂ ਦੀ ਭਲਾਈ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਸਬ ਡਵੀਜ਼ਨਲ ਹਸਪਤਾਲ ਸੁਨਾਮ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।