ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਜੂਨ
ਇੱਥੇ ਬੱਸ ਅੱਡੇ ਦੇ ਨੇੜੇ ਕੰਪਲੈਕਸ ’ਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਦਿਨੋਂ-ਦਿਨ ਵਿਗੜ ਰਹੇ ਹਾਲਾਤ ਕੇਂਦਰ ਦੀ ਮੋਦੀ ਸਰਕਾਰ ਹੀ ਦਰੁਸਤ ਕਰ ਸਕਦੀ ਹੈ। ਜਿਵੇਂ ਕੇਂਦਰ ਸਰਕਾਰ ਨਾਲ ਮਿਲ ਕੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਵਿਗੜੀ ਕਾਨੂੰਨ ਵਿਵਸਥਾ ਨੂੰ ਬਿਲਕੁਲ ਸਹੀ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਲਾਲਚ ਵਿੱਚ ਆ ਕੇ ਭਗਵੰਤ ਸਿੰਘ ਮਾਨ ਨੂੰ ਮੌਕਾ ਦਿੱਤਾ ਪਰ ਹੁਣ ਲੋਕ ਕੁਝ ਮਹੀਨੇ ਮਗਰੋਂ ਪਛਤਾ ਰਹੇ ਹਨ ਕਿਉਂਕਿ ਲੋਕਾਂ ਨੂੰ ਰੁਜ਼ਗਾਰ ਮਿਲਣ, ਰੇਤ ਬਜਰੀ ਸਸਤਾ ਹੋਣ, ਧਰਨਾ ਲੱਗਣੇ ਖ਼ਤਮ ਹੋਣ ਦੀ ਆਸ ਬੱਝੀ ਸੀ ਪਰ ਅਮਲੀ ਤੌਰ ’ਤੇ ਅਜਿਹਾ ਕੁਝ ਨਹੀਂ ਹੋਇਆ। ਢਿੱਲੋਂ ਨੇ ਵਿਸ਼ਵਾਸ ਦਿਵਾਇਆ ਕਿ ਜੇ ਉਹ ਜਿੱਤ ਕੇ ਸੰਸਦ ਵਿੱਚ ਪਹੁੰਚ ਗਿਆ ਤਾਂ ਪਹਿਲ ਦੇ ਆਧਾਰ ’ਤੇ ਕੌਮਾਂਤਰੀ ਹਵਾਈ ਅੱਡਾ ਅਤੇ ਕਾਰਗੋ ਲਿਆਂਦਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁਰਜੀਤ ਜਿਆਣੀ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੂਬਾ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ 2023 ਵਿੱਚ ਇਹ ਸਰਕਾਰ ਪੂਰਨ ਤੌਰ ’ਤੇ ਦੀਵਾਲੀਆ ਹੋ ਜਾਵੇਗੀ। ਉਨ੍ਹਾਂ ਲੋਕਾਂ ਨੂੰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੂੰ ਜਿਤਾਉਣ ਦੀ ਅਪੀਲ ਕੀਤੀ।
ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਸਿਆਸੀ ਰੋਟੀਆਂ ਸੇਕ ਰਿਹੈ ਅਕਾਲੀ ਦਲ: ਰਾਣਾ ਸੋਢੀ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਭਾਜਪਾ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਪਾਰਟੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਚੋਣ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇਲ੍ਹਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਕੇਂਦਰ ਸਰਕਾਰ ਵੱਲੋਂ ਕੀਤੀ ਜਾਣੀ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ’ਤੇ ਸਿਆਸੀ ਰੋਟੀਆਂ ਸੇਕ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਕੇਂਦਰ ਸਰਕਾਰ ਪਹਿਲਾਂ ਹੀ ਵਿਚਾਰ ਕਰ ਰਹੀ ਹੈ, ਜਿਹੜੇ ਵੀ ਬੰਦੀ ਸਿੰਘ ਰਿਹਾਅ ਕਰਨ ਵਾਲੇ ਹੋਣਗੇ, ਉਨ੍ਹਾਂ ਨੂੰ ਜੇਲ੍ਹਾਂ ’ਚੋ ਰਿਹਾਅ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਆਗੂ ਜੀਵਨ ਗੁਪਤਾ, ਦਿਆਲ ਸਿੰਘ ਸੋਢੀ, ਮੁੱਖ ਬੁਲਾਰੇ ਅਨਿਲ ਸਰੀਨ, ਮੀਡੀਆ ਇੰਚਾਰਜ ਸੁਨੀਲ ਸਿੰਗਲਾ, ਸਰਜੀਵਨ ਜਿੰਦਲ ਆਦਿ ਮੌਜੂਦ ਸਨ।