ਨਿੱਜੀ ਪੱਤਰ ਪ੍ਰੇਰਕ
ਧੂਰੀ, 18 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਦੀ ਮੀਟਿੰਗ ਬਲਾਕ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਬਲਾਕ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸਾਨਾਂ ਨੇ ਦੱਸਿਆ ਕਿ ਪਾਵਰਕੌਮ ਵੱਲੋਂ ‘ਫੁਹਾਰਾ ਸਕੀਮ’ ਅਧੀਨ ਜਾਰੀ ਕੀਤੇ ਬਿਜਲੀ ਕੁਨੈਕਸ਼ਨਾਂ ਦੀ ਪੰਜ ਸਾਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਲੱਖਾਂ ਰੁਪਏ ਦੇ ਜੁਰਮਾਨੇ ਪਾਏ ਜਾ ਰਹੇ ਹਨ। ਧੂਰੀ ਬਲਾਕ ਦੇ ਤਿੰਨ ਕਿਸਾਨਾਂ ਨੂੰ 2,90,000 ਰੁਪਏ ਪ੍ਰਤੀ ਕਿਸਾਨ ਜੁਰਮਾਨਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ ਵਿੱਚ ਕਿਸਾਨਾਂ ਵਿਰੋਧੀ ਕੀਤੀ ਗਈ ਇਹ ਕਾਰਵਾਈ ਨਿੰਦਣਯੋਗ ਹੈ। ਇਹ ਜੁਰਮਾਨੇ ਰੱਦ ਕਰਵਾਉਣ ਲਈ ਮੁੱਖ ਮੰਤਰੀ ਦੇ ਓਐਸਡੀ ਉਂਕਾਰ ਸਿੰਘ ਸਿੱਧੂ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਡੀਏਪੀ ਖਾਦ ਡੀਲਰਾਂ ਵੱਲੋਂ ਖਾਦ ਦੇ ਨਾਲ ਹੋਰ ਸਾਮਾਨ ਦੇਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਿਸ ਨਾਲ ਕਿਸਾਨਾਂ ’ਤੇ ਬੇਲੋੜਾ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਮਸਲੇ ਦੇ ਹੱਲ ਦੀ ਅਪੀਲ ਕੀਤੀ। ਝੋਨੇ ਵਿੱਚ ਨਮੀ ਦੀ ਮਾਤਰਾ 17 ਤੋਂ ਵਧਾ ਕੇ 22 ਫ਼ੀਸਦੀ ਕਰਨ ਦੀ ਮੰਗ ਕੀਤੀ ਗਈ।