ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 30 ਜੂਨ
ਦਿੱਲੀ-ਕੱਟੜਾ ਨੈਸ਼ਨਲ ਹਾਈਵੇਅ ਲਈ ਇੱਥੋਂ ਦੇ ਕਿਸਾਨਾਂ ਤੋਂ ਜ਼ਮੀਨਾਂ ਸਸਤੇ ਭਾਅ ਤੇ ਜਬਰੀ ਗ੍ਰਹਿਣ ਕਰਨ ਦੀ ਕਾਰਵਾਈ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੀੜਤ ਕਿਸਾਨਾਂ ਵੱਲੋਂ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਜਗਤਾਰ ਸਿੰਘ ਲੱਡੀ, ਸੰਘਰਸ਼ ਕਮੇਟੀ ਦੇ ਆਗੂ ਪ੍ਰਦੀਪ ਸਿੰਘ ਅਤੇ ਗਿਆਨ ਸਿੰਘ ਨਦਾਮਪੁਰ ਨੇ ਦੱਸਿਆ ਕਿ ਸੜਕ ਅਥਾਰਟੀ ਤੇ ਪ੍ਰਸ਼ਾਸਨ ਪਹਿਲਾਂ ਕਿਸਾਨਾਂ ਤੋਂ 20 ਲੱਖ ਰੁਪਏ ਪ੍ਰਤੀ ਏਕੜ ਜ਼ਮੀਨ ਐਕੁਆਇਰ ਕਰ ਰਿਹਾ ਸੀ, ਜਿਸ ਖ਼ਿਲਾਫ਼ ਕਿਸਾਨਾਂ ਨੇ ਲੰਬਾ ਸੰਘਰਸ਼ ਕਰਕੇ 74 ਲੱਖ ਰੁਪਏ ਪ੍ਰਤੀ ਏਕੜ ਦੀ ਮੰਗ ਮੰਨਵਾ ਲਈ ਸੀ। ਉਨ੍ਹਾਂ ਦੱਸਿਆ ਕਿ ਦੁਬਾਰਾ ਫਿਰ ਸੰਤੋਖਪੁਰਾ ਆਦਿ ਪਿੰਡਾਂ ਦੀ ਜ਼ਮੀਨ ਪੁਰਾਣੇ ਰੇਟ ’ਤੇ ਹੀ ਪ੍ਰਸ਼ਾਸਨ ਤੇ ਅਥਾਰਟੀ ਐਕੁਆਇਰ ਕਰ ਰਹੇ ਹਨ ਅਤੇ ਜ਼ਮੀਨਾਂ ਉੱਤੇ ਜਬਰੀ ਕਬਜ਼ਾ ਕਰ ਰਹੇ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਉਹ ਪ੍ਰਸ਼ਾਸਨ ਨੂੰ ਜਬਰਦਸਤੀ ਜ਼ਮੀਨ ਐਕੁਆਇਰ ਨਹੀਂ ਕਰਨ ਦੇਣਗੇ।