ਲੈਂਡ ਪੂਲਿੰਗ ਨੀਤੀ ਦਾ ਵਿਰੋਧ: ਪੰਜਾਬ ਸਰਕਾਰ ਖ਼ਿਲਾਫ਼ ਡੀਸੀ ਦਫ਼ਤਰ ਅੱਗੇ ਗਰਜੇ ਕਿਸਾਨ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਕੇਂਦਰ ਤੇ ਰਾਜ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂਆਂ ਬਲਜੀਤ ਕੌਰ ਕਿਲਾ ਭਰੀਆਂ, ਜਸਵਿੰਦਰ ਸਿੰਘ ਲੌਂਗੋਵਾਲ ਅਤੇ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੈਂਡ ਪੂਲਿੰਗ ਨੀਤੀ ਤਹਿਤ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਅਕੁਆਇਰ ਕਰਨ ਦੇ ਨੋਟੀਫਕੇਸ਼ਨ ਜਾਰੀ ਕਰ ਰਹੀ ਹੈ ਜਿਸ ਤਹਿਤ ਵੱਡੀ ਪੱਧਰ ’ਤੇ ਕਿਸਾਨਾਂ ਮਜ਼ਦੂਰਾਂ ਅਤੇ ਛੋਟੇ ਦੁਕਾਨਦਾਰਾਂ ਦਾ ਉਜਾੜਾ ਹੋਵੇਗਾ। ਇਸ ਕਾਰਨ ਵੱਡੀ ਪੱਧਰ ’ਤੇ ਸਮੁੱਚੇ ਪੰਜਾਬ ਅੰਦਰ ਸਰਕਾਰ ਦੀ ਇਸ ਨੀਤੀ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪਿੰਡਾਂ ਅੰਦਰ ਪੰਚਾਇਤਾਂ ਵੱਲੋਂ ਵਿਰੋਧ ਵਿੱਚ ਮਤੇ ਪਾਸ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਜਬਰੀ ਜ਼ਮੀਨਾਂ ਖੋਹਣੀਆਂ ਸਰਕਾਰ ਬੰਦ ਕਰੇ ਅਤੇ ਹਰ ਤਰ੍ਹਾਂ ਦੇ ਕਾਬਜ ਆਬਾਦਕਾਰਾਂ ਨੂੰ ਮਾਲਕੀ ਦੇ ਪੱਕੇ ਹੱਕ ਦਿੱਤੇ ਜਾਣ।
ਪੰਜਾਬ ਸਰਕਾਰ ਬਿਜਲੀ ਸੋਧ ਬਿਲ 2025 ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮੌਨਸੂਨ ਸੈਸ਼ਨ ਵਿੱਚ ਇਸ ਦਾ ਵਿਰੋਧ ਕਰਨ, ਨਿੱਜੀਕਰਨ ਦੀ ਨੀਤੀ ਤਹਿਤ ਖਪਤਕਾਰਾਂ ਦੇ ਘਰਾਂ ਅੱਗੇ ਚਿੱਪ ਵਾਲੇ ਪ੍ਰੀਪੇਡ ਮੀਟਰ ਲਾਉਣੇ ਬੰਦ ਕੀਤੇ ਜਾਣ, ਲਿਆਂਦੀ ਠੇਕੇਦਾਰੀ ਨੀਤੀ ਨੂੰ ਖਤਮ ਕਰਕੇ ਪੱਕੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ। ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ, ਨੌਕਰੀਆਂ ਸਮੇਤ ਸਮੁੱਚਾ ਕਰਜ਼ਾ ਖਤਮ ਕਰਨ ਵਾਲੀ ਮੰਨੀ ਮੰਗ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾਵੇ। ਕਿਸਾਨ ਆਗੂਆਂ ਨੇ ਸਮੁੱਚੇ ਪੰਜਾਬ ਦੇ ਕਿਸਾਨਾਂ ਨੂੰ ਲੈਂਡ ਪੂਲਿੰਗ ਨੀਤੀ ਤਹਿਤ ਜਾਰੀ ਕੀਤੇ ਨੋਟੀਫਕੇਸ਼ਨਾਂ ਨੂੰ ਰੱਦ ਕਰਾਉਣ ਲਈ ਇੱਕਜੁੱਟ ਹੋਣ ਅਤੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਉਨ੍ਹਾਂ ਐਲਾਨ ਕੀਤਾ ਕਿ ਜ਼ਮੀਨਾਂ ਉੁਪਰ ਸਰਕਾਰ ਨੂੰ ਕਿਸੇ ਵੀ ਕੀਮਤ ’ਤੇ ਕਾਬਜ਼ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹੇ ਦੇ ਆਗੂ ਸੁਖਦੇਵ ਸ਼ਰਮਾ ਭੁਟਾਲ ਕਲਾਂ, ਰਾਜ ਸਿੰਘ ਥੇੜੀ, ਰਾਜਪਾਲ ਸਿੰਘ ਮੰਗਵਾਲ, ਹਰਦੇਵ ਸਿੰਘ ਕੁਲਾਰਾਂ, ਸੰਤ ਰਾਮ ਛਾਜਲੀ, ਜਸਵੀਰ ਸਿੰਘ ਮੈਦੇਵਾਸ, ਗੁਰਮੇਲ ਸਿੰਘ ਕੈਪਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।