ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੈਂਡ ਪੂਲਿੰਗ ਨੀਤੀ ਦਾ ਵਿਰੋਧ

ਸੀਪੀਆਈ (ਐੱਮ) ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਚਮਕੌਰ ਸਿੰਘ ਖੇੜੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ।...
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ ਕਰਦੇ ਹੋਏ ਸੀਪੀਆਈਐੱਮ ਦੇ ਕਾਰਕੁਨ।
Advertisement

ਸੀਪੀਆਈ (ਐੱਮ) ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਚਮਕੌਰ ਸਿੰਘ ਖੇੜੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀ ਲੈਂਡ ਪੂਲਿੰਗ ਨੀਤੀ ਰੱਦ ਕਰਨ ਅਤੇ ਸਮਾਰਟ ਬਿਜਲੀ ਮੀਟਰ ਨੀਤੀ ਰੱਦ ਕਰਨ ਦੀ ਮੰਗ ਕਰ ਰਹੇ ਸਨ। ਇਸ ਤੋਂ ਪਹਿਲਾਂ ਸੀਪੀਆਈ ਐੱਮ ਦੇ ਵਰਕਰ ਪਾਰਟੀ ਦਫ਼ਤਰ ਚਮਕ ਭਵਨ ਵਿੱਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਪੁੱਜੇ ਅਤੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਚਮਕੌਰ ਸਿੰਘ ਖੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਨੇੜੇ ਪੈਂਦੇ ਪਿੰਡਾਂ ਦੀ ਉਪਜਾਊ ਜ਼ਮੀਨ ਲੈਂਡ ਪੂਲਿੰਗ ਨੀਤੀ ਤਹਿਤ ਐਕੁਆਇਰ ਕਰਕੇ ਉਸ ਉਪਰ ਸ਼ਹਿਰੀ ਪ੍ਰਾਜੈਕਟ ਬਣਾਉਣਾ ਚਾਹੁੰਦੀ ਹੈ ਜੋ ਕਿ ਕਿਸਾਨ ਵਿਰੋਧੀ ਹੈ ਅਤੇ ਪੇਂਡੂ ਵਿਕਾਸ ਨੂੰ ਨਜ਼ਰਅੰਦਾਜ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਹੜਾ ਪ੍ਰਚਾਰ ਕਰ ਰਹੀ ਹੈ ਕਿ ਕਿਸਾਨਾਂ ਨੂੰ ਸ਼ਹਿਰੀ ਵਿਕਾਸ ਦਾ ਹਿੱਸੇਦਾਰ ਬਣਾ ਕੇ ਉਨ੍ਹਾਂ ਨੂੰ ਲਾਭ ਦਿੱਤਾ ਜਾਵੇਗਾ। ਇਸ ਬਾਰੇ ਨੀਤੀ ਵਿਚ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ। ਇਸ ਨੀਤੀ ਵਿੱਚ ਕਿਤੇ ਵੀ ਕਾਨੂੰਨੀ ਗਾਰੰਟੀ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਲੈਂਡ ਪੂਲਿੰਗ ਨੀਤੀ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਸਮਾਰਟ ਮੀਟਰ ਲਗਾਉਣ ਦੇ ਫੈਸਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਸਮਾਰਟ ਮੀਟਰ ਨੀਤੀ ਕਿਸਾਨ-ਮਜ਼ਦੂਰਾਂ ਤੋਂ ਸਬਸਿਡੀ ਖੋਹਣ ਵਾਸਤੇ ਬਣਾਈ ਹੈ ਜਿਸਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਮੌਕੇ ਕਾਮਰੇਡ ਜੋਗਾ ਸਿੰਘ ਉਪੱਲੀ, ਹਰਬੰਸ ਸਿੰਘ ਨਮੋਲ, ਜੋਗਿੰਦਰ ਸਿੰਘ ਵੱਧਣ, ਹੰਗੀ ਖਾਂ, ਸਤਿੰਦਰ ਪਾਲ ਸਿੰਘ, ਅਮਰਜੀਤ ਕੌਰ ਨਗਲਾ ਤੇ ਹਰਮੇਸ਼ ਕੌਰ ਰਾਏ ਸਿੰਘ ਵਾਲਾ ਆਦਿ ਸ਼ਾਮਲ ਸਨ।

ਲੈਂਡ ਪੂਲਿੰਗ ਨੀਤੀ ਪੰਜਾਬ ਵਿਰੋਧੀ: ਗੰਢੂਆਂ

Advertisement

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ-ਪਿੰਡ ਇਕਾਈਆਂ ਦੀ ਚੋਣ ਕਰਾਉਣ ਤੋਂ ਇਲਾਵਾ ਕਿਸਾਨ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਯੂਨੀਅਨ ਵਲੋਂ ਬਲਾਕ ਸੰਗਰੂਰ ਦੇ ਪਿੰਡ ਸ਼ੇਰੋਂ ਵਿਚ ਸਰਬਸੰਮਤੀ ਨਾਲ ਚੋਣ ਕਰਵਾਈ ਗਈ ਅਤੇ ਜਸਪਾਲ ਸਿੰਘ ਮੱਖਣ ਨੂੰ ਪਿੰਡ ਇਕਾਈ ਦਾ ਪ੍ਰਧਾਨ ਚੁਣਿਆ ਗਿਆ। ਇਸ ਮੀਟਿਗ ਵਿਚ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪਿੰਡ ਇਕਾਈਆਂ ਦੀ ਚੋਣ ਕਰਵਾਉਣ ਵਿਚ ਜੁਟੇ ਯੂਨੀਅਨ ਦੇ ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਖਜ਼ਾਨਚੀ ਕਰਮਜੀਤ ਸਿੰਘ ਮੰਗਵਾਲ ਅਤੇ ਪ੍ਰੈੱਸ ਸਕੱਤਰ ਕਰਮਜੀਤ ਸਿੰਘ ਮੰਡੇਰ ਨੇ ਦੱਸਿਆ ਕਿ ਪਿੰਡਾਂ ਵਿਚ ਯੂਨੀਅਨ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਪੰਜਾਬ ਵਿਰੋਧੀ ਹੈ ਕਿਉਂਕਿ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਕਿਸਾਨਾਂ ਤੋਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਸਾਜ਼ਿਸ਼ ਹੈ ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਉਪਜਾਊ ਜ਼ਮੀਨ ਉਪਰ ਕਲੋਨੀਆਂ ਵਸਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਕਿਸਾਨ ਆਗੂਆਂ ਨੇ ਹਰ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਦੇ ਮੈਦਾਨ ਵਿਚ ਕੁੱਦਣ ਤਾਂ ਜੋ ਪੰਜਾਬ ਨੂੰ ਉੱਜੜਨ ਤੋਂ ਬਚਾਇਆ ਜਾ ਸਕੇ।

Advertisement