ਮਹਿੰਦਰ ਕੌਰ ਮੰਨੂ
ਸੰਗਰੂਰ, 7 ਮਈ
ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ਼) ਪੰਜਾਬ ਨੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੈਕੰਡਰੀ ਸਕੂਲਾਂ ਵਿਚ ਕਰਨ ਦੀ ਪ੍ਰਕਿਰਿਆ ਸਬੰਧੀ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਨੂੰ ਉਜਾੜੇ ਦਾ ਸਿੱਧਾ ਨਿਸ਼ਾਨਾ ਬਣਨ ਜਾ ਰਹੇ ਪ੍ਰਾਇਮਰੀ ਅਧਿਆਪਕਾਂ ਅਤੇ ਪੰਜਾਬ ਦੇ ਹੋਰਾਂ ਇਨਸਾਫ਼ ਪਸੰਦ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ| ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਬਦਲੀਆਂ ਨੂੰ ਲਾਗੂ ਕਰਨ ਦੀ ਮਿਤੀ 5ਵੀਂ ਵਾਰ ਅੱਗੇ ਪਾਉਣ ਦੀ ਵੀ ਸਖ਼ਤ ਨਿਖੇਧੀ ਕੀਤੀ| ਡੀਟੀਐੱਫ਼ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਕਮੇਟੀ ਮੈਂਬਰ ਮੇਘਰਾਜ, ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਅਤੇ ਜਨਰਲ ਸਕੱਤਰ ਅਮਨ ਵਸ਼ਿਸ਼ਟ ਨੇ ਦੱਸਿਆ ਕਿ ਅਸਲ ਵਿਚ ਕੌਮੀ ਸਿੱਖਿਆ ਨੀਤੀ 2020 ਤਹਿਤ ਪੰਜਾਬ ਵਿਚ ਸਿੱਖਿਆ ਦਾ ਕਾਰਪੋਰੇਟ ਮਾਡਲ ਲਾਗੂ ਕੀਤਾ ਜਾ ਰਿਹਾ ਹੈ| ਆਗੂਆਂ ਨੇ ਮੰਗ ਕੀਤੀ ਕਿ ਪ੍ਰਾਇਮਰੀ ਵਰਗ ਸਮੇਤ ਸਾਰੇ ਕਾਡਰਾਂ ਦੀਆਂ ਵੱਖ ਵੱਖ ਕਾਰਨਾਂ ਕਰਕੇ ਰੋਕੀਆਂ ਬਦਲੀਆਂ ਬਿਨਾਂ ਸ਼ਰਤ ਫ਼ੌਰੀ ਲਾਗੂ ਕਰਨ ਅਤੇ ਸਰਕਾਰੀ ਸਕੂਲਾਂ ਵਿਚ ਖਾਲੀ ਅਸਾਮੀਆਂ ਨੂੰ ਤਰੱਕੀਆਂ ਅਤੇ ਨਵੀਂ ਭਰਤੀ ਰਾਹੀਂ ਤੁਰੰਤ ਭਰਨਾਂ ਯਕੀਨੀ ਬਣਾਇਆ ਜਾਵੇ|