ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਜੁਲਾਈ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਜੋਰਵਾਲ ਨੇ ਕਿਹਾ ਕਿ ਦੇਸ਼ ਭਰ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ ਲੱਗ ਚੁੱਕੀ ਹੈ ਅਤੇ ਅਜਿਹੇ ਵੇਲੇ ਜੇਕਰ ਕੋਈ ਵੀ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਲਾਜ਼ਮੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਨਿਰੰਤਰ ਚੈਕਿੰਗ ਮੁਹਿੰਮ ਜਾਰੀ ਕਰਨ ਦੀ ਹਦਾਇਤ ਵੀ ਕੀਤੀ। ਉਨਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੂੰ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਵੀ ਇਸ ਸਬੰਧੀ ਪੂਰੀ ਚੌਕਸੀ ਰੱਖੀ ਜਾਵੇ ਅਤੇ ਲੋਕਾਂ ਨੂੰ ਵੀ ਨਿਰੰਤਰ ਇਸ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡੀ.ਐਸ.ਪੀ ਹੈੱਡ ਕੁਆਰਟਰ ਰੁਪਿੰਦਰ ਕੌਰ ਸਮੇਤ ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਕਾਰਜਸਾਧਕ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।