ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਅਪਰੈਲ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਏ. ਡੀ. ਸੀ. (ਵਿਕਾਸ) ਵਰਜੀਤ ਵਾਲੀਆ, ਸਮੂਹ ਉਪ-ਮੰਡਲ ਮੈਜਿਸਟ੍ਰੇਟ, ਡੀ.ਐੱਫ.ਐੱਸ.ਸੀ., ਜ਼ਿਲ੍ਹਾ ਮੰਡੀ ਅਫ਼ਸਰ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮੂਹ ਅਧਿਕਾਰੀ ਲਗਾਤਾਰ ਅਨਾਜ ਮੰਡੀਆਂ ਦਾ ਦੌਰਾ ਕਰਨ ਅਤੇ ਹਰੇਕ ਪ੍ਰਬੰਧ ਨੂੰ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 4 ਲੱਖ 83 ਹਜ਼ਾਰ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜੋ ਅਨੁਮਾਨਿਤ ਕੁੱਲ ਆਮਦ 9 ਲੱਖ ਟਨ ਦਾ ਲਗਭਗ 55% ਬਣਦਾ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 3 ਲੱਖ 95 ਹਜ਼ਾਰ 487 ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਮਾਰਕਫੈਡ, ਪਨਗ੍ਰੇਨ, ਵੇਅਰ ਹਾਊਸ, ਪਨਸਪ ਆਦਿ ਸਰਕਾਰੀ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਸਾਨਾਂ ਤੋਂ ਖਰੀਦੀ ਜਾ ਚੁੱਕੀ ਫਸਲ ਦੀ ਸਮੇਂ ਸਿਰ ਲਿਫਟਿੰਗ ਕਰਾਉਣ ਦੀ ਹਦਾਇਤ ਕੀਤੀ।