ਕਿਸਾਨਾਂ ਦੀ ਰਿਹਾਈ ਲਈ ਜਥੇਬੰਦੀਆਂ ਸੰਘਰਸ਼ ਦੇ ਰਾਹ ’ਤੇ
ਪ੍ਰਸ਼ਾਸਨ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ ਰਿਹਾਈ ਨਾ ਹੋਣ ਕਾਰਨ ਕਿਸਾਨਾਂ ’ਚ ਰੋਸ; ਉਗਰਾਹਾਂ ਜਥੇਬੰਦੀ ਨੇ ਧਰਨਿਆਂ ਲਈ ਵਿਉਂਤਬੰਦੀ
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਹੋਈ ਜਿਸਦੀ ਅਗਵਾਈ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਕੀਤੀ। ਮੀਟਿੰਗ ਦੌਰਾਨ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਦੋ ਕਿਸਾਨਾਂ ਸ਼ਗਨਪ੍ਰੀਤ ਸਿੰਘ ਜਿਊਂਦ ਅਤੇ ਬਲਦੇਵ ਸਿੰਘ ਚਾਉਂਕੇ ਨੂੰ ਰਿਹਾਅ ਕਰਵਾਉਣ ਲਈ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ 18 ਫਰਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਅੱਗੇ ਵਿਸ਼ਾਲ ਧਰਨਾ ਦੇਣ ਦੇ ਫੈਸਲੇ ਨੂੰ ਸਫ਼ਲ ਬਣਾਉਣ ਅਤੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਤਿਆਰੀ ਮੀਟਿੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਕਿਹਾ ਕਿ ਦੋ ਕਿਸਾਨ ਸਾਥੀ ਸ਼ਗਨਪ੍ਰੀਤ ਸਿੰਘ ਅਤੇ ਬਲਦੇਵ ਸਿੰਘ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਦੀ ਰਿਹਾਈ ਲਈ ਯੂਨੀਅਨ ਵੱਲੋਂ 6 ਫਰਵਰੀ ਨੂੰ ਬਠਿੰਡਾ ਵਿੱਚ ਡੀ ਆਈ ਜੀ, ਡੀ ਸੀ ਅਤੇ ਐੱਸ ਐੱਸ ਪੀ ਦਫ਼ਤਰਾਂ ਦਾ ਘਿਰਾਓ ਕਰਨ ਪ੍ਰੋਗਰਾਮ ਉਲੀਕਿਆ ਸੀ ਜਿਸ ਤੋਂ ਘਬਰਾਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਪੁਲੀਸ ਵਲੋਂ ਲਾਠੀਚਾਰਜ ਕੀਤਾ ਅਤੇ ਕਿਸਾਨਾਂ ਦੇ ਘਰਾਂ ਉਪਰ ਛਾਪੇ ਮਾਰੇ ਗਏ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਸਰਕਾਰ ਦੇ ਅਜਿਹੇ ਕਿਸਾਨ ਵਿਰੋਧੀ ਵਤੀਰੇ ਦੀ ਪੰਜਾਬ ਭਰ ਵਿੱਚ ਨਿੰਦਾ ਹੋਈ। ਉਨ੍ਹਾਂ ਦੱਸਿਆ ਕਿ ਬਠਿੰਡਾ ਪ੍ਰਸ਼ਾਸਨ ਵੱਲੋਂ ਦੋਵੇਂ ਕਿਸਾਨ ਆਗੂਆਂ ਸ਼ਗਨਪ੍ਰੀਤ ਸਿੰਘ ਅਤੇ ਬਲਦੇਵ ਸਿੰਘ ਨੂੰ ਰਿਹਾਅ ਕਰਨ ਲਈ ਤਿੰਨ ਦਿਨ ਦਾ ਸਮਾਂ ਮੰਗਿਆ ਸੀ ਪਰ ਯੂਨੀਅਨ ਵੱਲੋਂ 14 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 6 ਫਰਵਰੀ ਨੂੰ ਗ੍ਰਿਫ਼ਤਾਰ ਕੀਤੇ ਕਿਸਾਨ ਆਗੂ ਤੇ ਵਰਕਰ ਤਾਂ ਰਿਹਾਅ ਕਰ ਦਿੱਤੇ ਗਏ ਪਰ ਸ਼ਗਨਪ੍ਰੀਤ ਸਿੰਘ ਜਿਊਂਦ ਅਤੇ ਬਲਦੇਵ ਸਿੰਘ ਚਾਉਂਕੇ ਦੀ ਹਾਲੇ ਤੱਕ ਰਿਹਾਈ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਸੂਬਾ ਕਮੇਟੀ ਨੇ 18 ਫਰਵਰੀ ਨੂੰ ਡੀ ਸੀ ਦਫ਼ਤਰ ਬਠਿੰਡਾ ਅੱਗੇ ਸੂਬਾ ਪੱਧਰੀ ਰੋਸ ਧਰਨਾ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਕਿਸਾਨ 18 ਫਰਵਰੀ ਨੂੰ ਬਠਿੰਡਾ ਪੁੱਜਣਗੇ ਅਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਾਕ ਆਗੂ ਹਾਜ਼ਰ ਕਰਮਜੀਤ ਸਿੰਘ ਮੰਗਵਾਲ, ਹਰਮੇਲ ਸਿੰਘ ਲੋਹਾਖੇੜਾ, ਚਮਕੌਰ ਸਿੰਘ ਲੱਡੀ, ਕਰਮਜੀਤ ਸਿੰਘ ਮੰਡੇਰ ਤੇ ਸੰਗਰੂਰ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਵੀ ਹਾਜ਼ਰ ਸਨ।
ਭਾਰਤ-ਅਮਰੀਕਾ ਸਮਝੌਤੇ ’ਤੇ ਪੰਜਾਬ ਸਰਕਾਰ ਦੀ ਚੁੱਪ ’ਤੇ ਨਿਸ਼ਾਨਾ ਸੇਧਿਆ
ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜਨਰਲ ਸਕੱਤਰ ਕੇਵਲ ਸਿੰਘ ਭੜੀ ਦੀ ਅਗਵਾਈ ਹੇਠ ਪਿੰਡ ਹਥਨ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕਰ ਕੇ 18 ਫਰਵਰੀ ਦੇ ਬਠਿੰਡਾ ਧਰਨੇ ਅਤੇ 22 ਫਰਵਰੀ ਨੂੰ ਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਪ੍ਰਸਤਾਵਿਤ ਧਰਨਿਆਂ ਦੀ ਵਿਉਂਤਬੰਦੀ ਉਲੀਕੀ ਗਈ। ਇਸ ਮੌਕੇ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ ਚਾਓਕੇ ਆਦਰਸ਼ ਸਕੂਲ ਘੋਲ ਦੌਰਾਨ ਦਸ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂ ਬਲਦੇਵ ਸਿੰਘ ਚਾਓਕੇ ਅਤੇ ਸ਼ੁਭਦੀਪ ਸਿੰਘ ਜਿਉਂਦ ਨੂੰ ਬਿਨਾਂ ਸ਼ਰਤ ਰਿਹਾਅ ਕਰਵਾਉਣ ਲਈ ਜਥੇਬੰਦੀ ਵੱਲੋਂ 18 ਫਰਵਰੀ ਨੂੰ ਬਠਿੰਡਾ ਡੀ ਸੀ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਤੋਂ ਕਿਸਾਨ ਕਾਫਲੇ ਬੰਨ੍ਹ ਕੇ ਸ਼ਾਮਲ ਹੋਣਗੇ। ਇਸੇ ਤਰ੍ਹਾਂ 22 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਦਿੱਤੇ ਜਾਣ ਵਾਲੇ ਧਰਨਿਆਂ ਵਿੱਚ ਬੀ ਕੇ ਯੂ (ਏਕਤਾ)-ਉਗਰਾਹਾਂ ਸ਼ਮੂਲੀਅਤ ਕਰੇਗੀ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਨਵੇਂ ਕਾਨੂੰਨਾਂ ਅਤੇ ਅਮਰੀਕਾ ਨਾਲ ਵਪਾਰ ਸਮਝੌਤੇ ਬਾਰੇ ਪੰਜਾਬ ਸਰਕਾਰ ਦੀ ਚੁੱਪ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਸਬੰਧੀ ਅੱਜ ਤੱਕ ਪੰਜਾਬ ਸਰਕਾਰ ਦਾ ਇੱਕ ਵਾਰ ਵੀ ਮੂੰਹ ਨਾ ਖੋਲ੍ਹਣਾ ਸਾਬਤ ਕਰਦਾ ਹੈ ਕਿ ਭਗਵੰਤ ਮਾਨ ਸਰਕਾਰ ਵੀ ਮੋਦੀ-ਟਰੰਪ ਦੀਆਂ ਨੀਤੀਆਂ ਨੂੰ ਹੀ ਅੱਗੇ ਵਧਾ ਰਹੀ ਹੈ। ਕਿਸਾਨਾਂ ਨੇ ਇਨ੍ਹਾਂ ਬਿੱਲਾਂ ਤੇ ਨੀਤੀਆਂ ਖਿਲਾਫ਼ ਪ੍ਰਦਰਸ਼ਨ ਕਰਦੇ ਲੋਕਾਂ ਉਪਰ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਾਠੀਚਾਰਜ ਦੀ ਨਿੰਦਾ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਮਪੁਰ, ਚਰਨਜੀਤ ਸਿੰਘ ਹਥਨ, ਹਰਬੰਸ ਸਿੰਘ ਮਾਣਕੀ, ਕਰਨੈਲ ਸਿੰਘ ਭੂਦਨ, ਗੁਰਪ੍ਰੀਤ ਸਿੰਘ ਹਥਨ ਅਤੇ ਸੁਖਵਿੰਦਰ ਸਿੰਘ ਸਿੱਧੂ ਸਮੇਤ ਪਿੰਡ ਇਕਾਈਆਂ ਦੇ ਵੱਡੀ ਗਿਣਤੀ ਆਗੂ ਹਾਜ਼ਰ ਸਨ।

