ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਦਸੰਬਰ
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਇਥੇ ਰੇਲਵੇ ਸਟੇਸ਼ਨ ਨੇੜੇ ਚੱਲ ਰਹੇ ਰੋਸ ਧਰਨੇ ’ਚ ਸ਼ਾਮਲ ਹੋ ਕੇ ਸ਼ਹਿਰ ਦੀਆਂ ਸਮੁੱਚੀਆਂ ਜਥੇਬੰਦੀਆਂ ਵੱਲੋਂ ਭਲਕੇ 8 ਦਸੰਬਰ ਨੂੰ ਭਾਰਤ ਬੰਦ ਲਈ ਕਿਸਾਨ ਜਥੇਬੰਦੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਡਟਵੀਂ ਹਮਾਇਤ ਦੇਣ ਦਾ ਐਲਾਨ ਕੀਤਾ। ਅੱਜ 68ਵੇਂ ਦਿਨ ਵੀ ਕਿਸਾਨਾਂ ਦਾ ਰੋਸ ਧਰਨਾ ਜਾਰੀ ਰਿਹਾ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਭਲਕੇ 8 ਦਸੰਬਰ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਗਈ।
ਅੱਜ ਰੋਸ ਧਰਨੇ ’ਚ ਸ਼ਹਿਰ ਦੀਆਂ ਸਮੁੱਚੀਆਂ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਜਿਨ੍ਹਾਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਭਾਰਤ ਬੰਦ ਨੂੰ ਸੰਗਰੂਰ ’ਚ ਸਫ਼ਲ ਬਣਾਉਣ ਲਈ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸਤੋਂ ਪਹਿਲਾਂ ਰੋਸ ਧਰਨੇ ਨੂੰ ਕਿਸਾਨ ਆਗੂ ਹਰਮੇਲ ਸਿੰਘ ਮਹਿਰੋਕ, ਹਰਜੀਤ ਸਿੰਘ ਮੰਗਵਾਲ, ਸਰਬਜੀਤ ਸਿੰਘ ਵੜੈਚ, ਇੰਦਰਪਾਲ ਸਿੰਘ ਪੁੰਨਾਵਾਲ, ਨਿਰਮਲ ਸਿੰਘ ਬਟੜਿਆਣਾ ਨੇ ਸੰਬੋਧਨ ਕੀਤਾ।
ਇਸ ਮੌਕੇ ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਆਗੂ ਸ੍ਰੀ ਮੋਹਨ ਲਾਲ, ਦੋਧੀ ਯੂਨੀਅਨ ਸੰਗਰੂਰ ਦੇ ਆਗੂ ਹਰੀਸ ਟੁਟੇਜਾ, ਰੈਡੀਮੇਡ ਐਸੋਸੀਏਸ਼ਨ ਦੇ ਪ੍ਰਧਾਨ ਰੁਪਿੰਦਰ ਸਿੰਘ, ਫੂਡ ਐਸੋਸੀਏਸ਼ਨ ਦੇ ਆਗੂ ਤਿਲਕ ਰਾਜ, ਕੱਪੜਾ ਐਸੋਸੀਏਸ਼ਨ ਦੇ ਆਗੂ ਸ੍ਰੀ ਨਰੈਣ ਦਾਸ, ਇਲੈਕਟ੍ਰੋਨਿਕ ਯੂਨੀਅਨ ਸੰਗਰੂਰ ਦੇ ਆਗੂ ਸਰਬਜੀਤ ਸਿੰਘ, ਕਰਿਆਨਾ ਐਸੋਸੀਏਸ਼ਨ ਦੇ ਆਗੂ ਅਸੋਕ ਕੁਮਾਰ, ਸੋਮ ਨਾਥ ਬਾਂਸਲ ਪ੍ਰਧਾਨ ਆੜਤੀਆ ਐਸੋਸੀਏਸ਼ਨ ਆਦਿ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਕਰਦਿਆਂ ਭਲਕੇ 8 ਦਸੰਬਰ ਨੂੰ ਮੁਕੰਮਲ ਬੰਦ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਕਿਸਾਨ ਆਗੂ ਹਰਜੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਭਲਕੇ 8 ਦਸੰਬਰ ਨੂੰ ਸਵੇਰੇ 10 ਵਜ਼ੇ ਰੇਲਵੇ ਸਟੇਸ਼ਨ ਰੋਸ ਧਰਨੇ ’ਚ ਪੁੱਜਣ ਮਗਰੋਂ ਰੋਸ ਮਾਰਚ ਸ਼ੁਰੂ ਹੋਵੇਗਾ ਜਿਥੋਂ ਅਨਾਜ ਮੰਡੀ ਹੁੰਦੇ ਹੋਏ ਬਜ਼ਾਰਾਂ ’ਚੋਂ ਭਗਵਾਨ ਮਹਾਂਵੀਰ ਚੌਕ ਪੁੱਜਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ ਤੇ ਕਾਨੂੰਨਾਂ ’ਚ ਸੋਧ ਕਰਨ ਦੀਆਂ ਪੇਸ਼ਕਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਮੋਰਚਾ ਪੂਰੇ ਜੋਬਨ ’ਤੇ ਹੈ ਤੇ ਕਿਸਾਨ ਤੇ ਹੋਰ ਵਰਗਾਂ ਦੇ ਲੋਕਾਂ ਦੇ ਕਾਫ਼ਲੇ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਦੇਸ਼ ਦੀਆਂ ਵੱਖ-ਵੱਖ ਪਾਰਟੀਆਂ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ ਹੈ।
ਭਾਰਤ ਬੰਦ ਦੀ ਹਮਾਇਤ ’ਚ ਰੋਸ ਮੁਜ਼ਾਹਰਿਆਂ ਦਾ ਐਲਾਨ
ਸੰਗਰੂਰ (ਨਿਜੀ ਪੱਤਰ ਪ੍ਰੇਰਕ) ਦੇਸ਼-ਵਿਆਪੀ ਕਿਸਾਨ ਅੰਦੋਲਨ ਦੇ ਨੇਤਾਵਾਂ ਵੱਲੋਂ ਭਲਕੇ 8 ਦਸੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਦੀ ਹਮਾਇਤ ਕਰਦਿਆਂ ਦਸ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਸਾਰੇ ਪੰਜਾਬ ’ਚ ਜਲਸੇ, ਜਲੂਸ, ਰੋਸ ਮੁਜ਼ਾਹਰੇ ਆਦਿ ਕਰਨ ਦਾ ਐਲਾਨ ਕੀਤਾ ਹੈ। ਜਿਸ ਨੂੰ ਮੁੱਖ ਰੱਖਦਿਆਂ ਦੀ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਸਕੱਤਰ ਜਨਰਲ ਸਾਥੀ ਰਣਜੀਤ ਸਿੰਘ ਰਾਣਵਾਂ ਤੇ ਜ਼ਿਲ੍ਹਾ ਪ੍ਰਧਾਨ ਸਾਥੀ ਮੇਲਾ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਪੰਜ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਲਾਮਿਸਾਲ ਇਤਿਹਾਸਕ ਅੰਦੋਲਨ ਸ਼ੁਰੂ ਕਰਕੇ ਸਮੁੱਚੇ ਭਾਰਤ ’ਚ ਕਿਸਾਨੀ ਅੰਦੋਲਨ ਨੂੰ ਚਰਮਸੀਮਾ ’ਤੇ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਤੇ ਫੈਸਲਾਕੁੰਨ ਲੜਾਈ ਦਾ ਬੀੜਾ ਚੁੱਕਿਆ ਹੈ। ਇਸ ਲਈ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਮਜ਼ਦੂਰਾਂ ਵੱਲੋਂ 8 ਦਸੰਬਰ ਨੂੰ ਦੇਸ਼-ਵਿਆਪੀ ਬੰਦ ਮੌਕੇ ਰਾਜ ਭਰ ’ਚ ਜ਼ਿਲ੍ਹਾ, ਤਹਿਸੀਲ ਪੱਧਰ ’ਤੇ ਮੋਦੀ ਸਰਕਾਰ ਵਿਰੁੱਧ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਦਰਜਾਚਾਰ ਤੇ ਠੇਕਾ ਮੁਲਾਜ਼ਮਾਂ ਵੱਲੋਂ ਭਰਵੀਂ ਸਮੂਲੀਅਤ ਕੀਤੀ ਜਾਵੇਗੀ। ਜ਼ਿਲਾ ਭਰ ਵਿੱਚ ਹੋਣ ਵਾਲੇ ਸਾਂਝੇ ਰੋਸ ਪ੍ਰਦਰਸ਼ਨਾਂ ਵਿੱਚ ਭਰਵੀਂ ਸਮੂਲੀਅਤ ਕੀਤੀ ਜਾਵੇਗੀ। ਇਸਤੋਂ ਇਲਾਵਾ ਮਗਨਰੇਗਾ ਗੌਰਮਿੰਟ ਕੰਨਰੈਕਟ ਕਰਮਚਾਰੀ ਯੂਨੀਅਨ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਭਾਰਤ ਬੰਦ ਨੂੰ ਸਫ਼ਲ ਬਣਾਉਣ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਨੇ ਕਿਹਾ ਕਿ ਮਗਨਰੇਗਾ ਕਰਮਚਾਰੀ ਬੰਦ ਨੂੰ ਸਫ਼ਲ ਬਣਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਹੋਣ ਵਾਲੇ ਮੁਜ਼ਾਹਰਿਆਂ ’ਚ ਸ਼ਾਮਲ ਹੋਣਗੇ।