ਓ ਐੱਸ ਡੀ ਅਤੇ ਡੀ ਸੀ ਨੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਵੱਲੋਂ ਪ੍ਰਾਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼
ਸੰਗਰੂਰ/ਧੂਰੀ (ਨਿੱਜੀ ਪੱਤਰ ਪ੍ਰੇਰਕ): ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਪ੍ਰਾਜੈਕਟਾਂ ਦੀ ਸਮੀਖਿਆ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੀਤੀ ਗਈ ਮੀਟਿੰਗ ’ਚ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਮੀਟਿੰਗ ਦੌਰਾਨ ਓ ਐੱਸ ਡੀ ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਅਨੁਸਾਰ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ, ਸੀਵਰੇਜ ਪ੍ਰਣਾਲੀ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸਪੱਸ਼ਟ ਕੀਤਾ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਮਿਆਰ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਨਿਰੰਤਰ ਮੌਨੀਟਰਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਮੀਟਿੰਗ ਵਿੱਚ ਏ ਡੀ ਸੀ (ਜ) ਅੰਕੁਰ ਮਹਿੰਦਰੂ, ਏ ਡੀ ਸੀ (ਪੇਂਡੂ ਵਿਕਾਸ) ਸੁਖਚੈਨ ਸਿੰਘ, ਐੱਸ ਡੀ ਐੱਮ ਧੂਰੀ ਡਾ. ਇਸਮਤ ਵਿਜੈ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਅਤੇ ਉਨ੍ਹਾਂ ਵੱਲੋਂ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ।

