ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਅੰਦਰ ਸਥਾਨਕ ਸਰਕਾਰਾਂ ਬਾਰੇ ਕਾਨੂੰਨ ਅਧਿਕਾਰਾਂ ਤੋਂ ਵਾਂਝੇ ਰੱਖਿਆ ਹੋਇਆ ਹੈ, ਜਿਸ ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਜ਼ਿੰਮੇਵਾਰ ਹਨ। ਇਸ ਲਈ ਪੰਚਾਇਤੀ ਰਾਜ ਐਕਟ ਨੂੰ ਸੂਬੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਉਹ ਜ਼ਿਲ੍ਹਾ ਪਰਿਸ਼ਦ ਜ਼ੋਨ ਮਸੀਂਗਣ ਤੋਂ ਆਜ਼ਾਦ ਉਮੀਦਵਾਰ ਬੀਬੀ ਕਰਮਜੀਤ ਕੌਰ ਪਿੰਡ ਮੌਹਲਗੜ੍ਹ ਅਤੇ ਬਲਾਕ ਸਮਿਤੀ ਜ਼ੋਨ ਬਿੰਜਲ ਤੋਂ ਉਮੀਦਵਾਰ ਸੋਨੂੰ ਦੇ ਹੱਕ ਵਿੱਚ ਪਿੰਡ ਬਿੰਜਲ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਈ ਹੋਰ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ‘ਆਪ’ ਸਰਕਾਰ ਵੱਲੋਂ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਨੂੰ ਲੋਕ ਰਾਜ ਲਈ ਖਤਰੇ ਦੀ ਘੰਟੀ ਦੱਸਿਆ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦਾ ਰਾਜ ਚੋਣ ਕਮਿਸ਼ਨ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਜ਼ਿਲ੍ਹਾ ਪਰਿਸ਼ਦ ਦੇ ਆਜ਼ਾਦ ਉਮੀਦਵਾਰਾਂ ਦੇ ਚੋਣ ਨਿਸ਼ਾਨ ਟਰੱਕ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜ਼ਿਲ੍ਹਾ ਪਰਿਸ਼ਦ ਉਮੀਦਵਾਰ ਕੁਲਵਿੰਦਰ ਸਿੰਘ, ਪ੍ਰੇਮ ਸਿੰਘ ਸਵਾਈ ਸਿੰਘ ਵਾਲਾ, ਇੰਦਰਜੀਤ ਸਿੰਘ ਮਾਨ, ਗੁਰਜੀਤ ਸਿੰਘ ਉਪਲੀ, ਸ਼ੇਰ ਸਿੰਘ ਤੇ ਮਹਿੰਦਰ ਸਿੰਘ ਪੰਜੇਟਾਂ ਹਾਜ਼ਰ ਸਨ।

