ਪਿੰਡ ਨਵਾਂਗਾਓਂ ਤੇ ਬੰਗਾ ਦੀਆਂ ਪੰਚਾਇਤਾਂ ‘ਆਪ’ ਵਿੱਚ ਸ਼ਾਮਲ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਪਿੰਡ ਨਵਾਂਗਾਓਂ ਦੇ ਸਰਪੰਚ ਹਰਭਜਨ ਸਿੰਘ ਸਣੇ ਪੰਚਾਇਤ ਮੈਂਬਰ ਤੇ 100 ਪਰਿਵਾਰ ‘ਆਪ’ ਵਿੱਚ ਸ਼ਾਮਲ ਹੋਏ। ਇਸੇ ਤਰ੍ਹਾਂ ਪਿੰਡ ਬੰਗਾ ਦੇ ਸਰਪੰਚ ਦਾਰਾ ਸਿੰਘ ਸਣੇ ਪੰਚਾਇਤ ਮੈਂਬਰ ਤੇ ਲਗਪਗ 25 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਪਰਿਵਾਰਾਂ ਦਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਾਰਟੀ ਵਿੱਚ ਸਵਾਗਤ ਕਰਦਿਆਂ ਸਨਮਾਨ ਕੀਤਾ। ਇਸ ਮੌਕੇ ਬਰਿੰਦਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ ਕਰਦੇ ਹਨ ਅਤੇ ਪਾਰਟੀ ਵਿੱਚ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ ਤੇ ‘ਆਪ’ ਦਾ ਕਾਫਲਾ ਲਗਾਤਾਰ ਵਧ ਰਿਹਾ ਹੈ। ਲਹਿਰਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ ਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰਨਗੇ।