ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਨਵੰਬਰ
ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਇਥੇ ਰੇਲਵੇ ਸਟੇਸ਼ਨ ਦੀ ਪਾਰਕਿੰਗ ’ਚ ਚੱਲ ਰਹੇ ਰੋਸ ਧਰਨੇ ਦੌਰਾਨ ਬੁਲਾਰਿਆਂ ਨੇ ਕੇਂਦਰ ਸਰਕਾਰ ’ਤੇ ਮਸਲੇ ਦਾ ਠੋਸ ਹੱਲ ਕਰਨ ਦੀ ਬਜਾਏ ਮੁਸਾਫ਼ਰ ਰੇਲ ਗੱਡੀਆਂ ਚਲਾਉਣ ਦੀ ਬੇਤੁਕੀ ਜ਼ਿੱਦ ਨੂੰ ਕਿਸਾਨ ਤੇ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨ ਕੇਂਦਰ ਸਰਕਾਰ ਦੀ ਜ਼ਿੱਦ ਅੱਗੇ ਨਹੀਂ ਝੁਕਣਗੇ ਤੇ ਖੇਤੀ ਮਾਰੂ ਕਾਲੇ ਕਾਨੂੰਨ ਰੱਦ ਕਰਵਾ ਕੇ ਦਮ ਲੈਣਗੇ। ਇਥੇ ਰੇਲਵੇ ਸਟੇਸ਼ਨ ਕੋਲ ਰੋਸ ਧਰਨੇ ਦੇ 46ਵੇਂ ਦਿਨ ਵੀ ਖਰਾਬ ਮੌਸਮ ਦੇ ਬਾਵਜੂਦ ਸੈਂਕੜੇ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਧਰਨੇ ਨੂੰ ਮਹਿਲਾ ਕਿਸਾਨ ਆਗੂ ਸੁਖਪਾਲ ਕੌਰ, ਭਾਕਿਯੂ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਧਨੇਰ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਦੀਪ ਸਿੰਘ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਜਰਨੈਲ ਸਿੰਘ ਜਨਾਲ, ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਨੱਤ, ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਰਣ ਸਿੰਘ ਚੱਠਾ, ਕੁਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਆਗੂ ਨਰੰਜਣ ਸਿੰਘ, ਭਾਕਿਯੂ ਰਾਜੇਵਾਲ ਦੇ ਸੂਬਾ ਆਗੂ ਮਲਕੀਤ ਸਿੰਘ ਲਖਮੀਰਵਾਲਾ ਨੇ ਸੰਬਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਭਾਵੇਂ ਰੇਲਵੇ ਟਰੈਕ ਖਾਲੀ ਕਰ ਦਿੱਤੇ ਸਨ ਪਰ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਨਹੀਂ ਚਲਾਈਆਂ। ਉਨ੍ਹਾਂ ਕਿਹਾ ਕਿ ਦਿੱਲੀ ’ਚ ਹੋਈ ਮੀਟਿੰਗ ’ਚ ਕੇਂਦਰ ਸਰਕਾਰ ਨੇ ਮਸਲੇ ਦਾ ਠੋਸ ਹੱਲ ਕਰਨ ਦੀ ਬਜਾਏ ਯਾਤਰੀ ਗੱਡੀਆਂ ਚਲਾਉਣ ਦੀ ਬੇਤੁਕੀ ਜ਼ਿੱਦ ਕਰਕੇ ਸਾਬਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਦਾ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ। ਪਰ ਪੰਜਾਬ ਦੇ ਲੋਕ, ਕੇਂਦਰ ਸਰਕਾਰ ਦੀ ਕਿਸੇ ਵੀ ਅੜੀ ਅੱਗੇ ਨਹੀਂ ਝੁਕਣਗੇ ਸਗੋਂ ਆਪਣੇ ਏਕੇ ਤੇ ਸੰਘਰਸ਼ ਦੇ ਜ਼ੋਰ ’ਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣਗੇ। ਕਿਸਾਨ ਆਗੂਆਂ ਨੇ ਧਰਨੇ ਦੌਰਾਨ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ 26 ਤੇ 27 ਨਵੰਬਰ ਦੇ ਦਿੱਲੀ ਮੋਰਚੇ ਲਈ ਲਾਮਬੰਦ ਕਰਨ ਤੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨ ਬੀਬੀਆਂ, ਬੱਚਿਆਂ ਤੇ ਨੌਜਵਾਨ ਵਰਗ ਦੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਕਿਸਾਨ ਅੰਦੋਲਨ ਸਫ਼ਲ ਹੋਵੇਗਾ ਤੇ ਕੇਂਦਰ ਸਰਕਾਰ ਨੂੰ ਝੁਕਣਾ ਪਵੇਗਾ।
ਰੋਸ ਧਰਨੇ ਨੂੰ ਊਧਮ ਸਿੰਘ ਸੰਤੋਖਪੁਰਾ ਸੂਬਾਈ ਆਗੂ ਜਮਹੂਰੀ ਕਿਸਾਨ ਸਭਾ ਪੰਜਾਬ, ਹਰਬੰਸ ਸਿੰਘ ਜਨਾਲ ਸੂਬਾਈ ਆਗੂ ਕੁਲ ਹਿੰਦ ਕਿਸਾਨ ਸਭਾ ਪੰਜਾਬ, ਦਰਸ਼ਨ ਸਿੰਘ ਕੁੰਨਰਾਂ ਜ਼ਿਲ੍ਹਾ ਆਗੂ ਕਿਰਤੀ ਕਿਸਾਨ ਯੂਨੀਅਨ, ਵਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਭਾਕਿਯੂ ਕਾਦੀਆਂ, ਸਰਬਜੀਤ ਸਿੰਘ ਵੜੈਚ ਜ਼ਿਲ੍ਹਾ ਆਗੂ ਸੀਟੂ ਨੇ ਵੀ ਸੰਬੋਧਨ ਕੀਤਾ।
ਦੀਵਾਲੀ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਵਜੋਂ ਮਨਾਇਆ
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ) ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਦੀਵਾਲੀ ਵਾਲੇ ਦਿਨ ਵੀ ਧਰਨੇ ਜਾਰੀ ਰਹੇ। ਕਿਸਾਨਾਂ ਵੱਲੋਂ ਦੀਵਾਲੀ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਕਿਸਾਨਾਂ ਨੇ ਰਾਜਪੁਰਾ-ਅੰਬਾਲਾ ਜੀ.ਟੀ ਰੋਡ ਨੇੜਲੇ ਰਿਲਾਇੰਸ ਦੇ ਪਿੰਡ ਮਦਨਪੁਰ ਅਤੇ ਬਪਰੋਰ ਵਾਲੇ ਪੈਟਰੋਲ ਪੰਪਾਂ ’ਤੇ ਰੋਸ ਧਰਨੇ ਜਾਰੀ ਰੱਖੇ। ਇਸੇ ਦੌਰਾਨ ਕਿਸਾਨ ਆਗੂਆਂ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ਦੇ ਬਾਹਰ ਹਜੂਰਾ ਸਿੰਘ ਮਿਰਜਾਪੁਰ ਤੇ ਪਵਨ ਕੁਮਾਰ ਦੀ ਅਗਵਾਈ ਵਿੱਚ ਜਦੋਂਕਿ ਨਾਭਾ ਪਾਵਰ ਥਰਮਲ ਪਲਾਂਟ ਰਾਜਪੁਰਾ ਨੂੰ ਜਾਂਦੀ ਰੇਲਵੇ ਲਾਈਨ ’ਤੇ ਲਖਵਿੰਦਰ ਸਿੰਘ ਬਰਾਸ ਤੇ ਮਨਜੀਤ ਸਿੰਘ ਨਿਆਲ ਦੀ ਅਗਵਾਈ ’ਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਨਰਿੰਦਰ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਪੰਜਾਬ ਦੇ ਕਿਸਾਨ ਤੇ ਆਰਥਿਕਤਾ ਨੂੰ ਤਬਾਹ ਕਰਨਾ ਚਾਹੁੰਦੀ ਹੈ। ਜਿਸ ਨੂੰ ਪੰਜਾਬ ਦੇ ਕਿਸਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਅਪੰਗ-ਸੁਅੰਗ ਲੋਕ ਮੰਚ ਪੰਜਾਬ ਦੀ ਘਨੌਰ ਈਕਾਈ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਵਜੋਂ ਮਨਾਇਆ ਗਿਆ।