ਪੱਤਰ ਪ੍ਰੇਰਕ
ਭਵਾਨੀਗੜ੍ਹ, 12 ਅਕਤੂਬਰ
ਪਿੰਡ ਬਲਿਆਲ ਵਿੱਚ ਪਰਾਲੀ ਸਾੜਨ ਸਬੰਧੀ ਗਿਰਦਾਵਰੀ ਕਰਨ ਲਈ ਖੇਤਾਂ ਵਿੱਚ ਪਹੁੰਚੇ ਪਟਵਾਰੀ ਤੇ ਸਕੱਤਰ ਦਾ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਘਿਰਾਓ ਕਰ ਲਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੁਖਵਿੰਦਰ ਸਿੰਘ ਬਲਿਆਲ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਮਜਬੂਰ ਹੋ ਕੇ ਲਾਉਂਦੇ ਹਨ। ਪਰਾਲੀ ਦੇ ਧੂੰਏਂ ਦੇ ਪ੍ਰਦੂਸ਼ਣ ਦਾ ਸਭ ਤੋਂ ਪਹਿਲਾਂ ਕਿਸਾਨ ਅਤੇ ਮਜ਼ਦੂਰ ਹੀ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨੂੰ ਰੋਕਣ ਤੋਂ ਪਹਿਲਾਂ ਸਰਕਾਰ ਨੂੰ ਫੈਕਟਰੀਆਂ ਦੇ ਪ੍ਰਦੂਸ਼ਣ ’ਤੇ ਕੰਟਰੋਲ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਦੀ ਅੱਗ ਨੂੰ ਰੋਕਣ ਲਈ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ਦਾ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਕਿਸਾਨਾਂ ਦੀ ਕੋਈ ਨਿੱਜੀ ਲੜਾਈ ਨਹੀਂ ਹੈ, ਸਗੋਂ ਇਹ ਸਾਡੇ ਪਰਿਵਾਰਾਂ ਦੇ ਮੈਂਬਰ ਹਨ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸੇ ਦੌਰਾਨ ਸੁਮਨਦੀਪ ਸਿੰਘ ਪਟਵਾਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਖੁਦ ਕਿਸਾਨ ਹਨ ਤੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਕਾਰਵਾਈ ਨਹੀਂ ਕਰਨਗੇ।