ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੇਵਾ-ਮੁਕਤ ਪਟਵਾਰੀ, ਜੋ ਕਿ ਪਹਿਲਾਂ ਮਾਲ ਹਲਕਾ ਲਹਿਰਾਗਾਗਾ ਵਿੱਚ ਤਾਇਨਾਤ ਸੀ, ਨੂੰ ਅੱਜ 13 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਪਟਿਆਲਾ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਬੰਸ ਸਿੰਘ ਨੂੰ ਰਜਿੰਦਰ ਸਿੰਘ ਵਾਸੀ ਲਹਿਰਾਗਾਗਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਟਵਾਰੀ ਨੇ ਆਪਣੀ ਨੌਕਰੀ ਦੌਰਾਨ ਉਸ ਦੇ ਪਰਿਵਾਰ ਦੇ ਪਲਾਟ ਦਾ ਇੰਤਕਾਲ ਦਰਜ ਕਰਵਾਉਣ ਲਈ 13,000 ਰੁਪਏ ਲਏ। ਵਿਜੀਲੈਂਸ ਬਿਊਰੋ ਨੇ ਰਜਿੰਦਰ ਵੱਲੋਂ ਲਿਖਵਾਈ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਜਾਂਚ ਦੌਰਾਨ ਪਟਵਾਰੀ ਦੋਸ਼ੀ ਪਾਇਆ ਗਿਆ। ਇਸ ਮਗਰੋਂ ਪਟਵਾਰੀ ਖ਼ਿਲਾਫ਼ ਰਿਸ਼ਵਤਖੋਰੀ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਪਟਿਆਲਾ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਅਨੁਸਾਰ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਤੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।