ਖੇਤਰੀ ਪ੍ਰਤੀਨਿਧ
ਧੂਰੀ, 9 ਅਕਤੂਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਖੇਤੀ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਅਤੇ ਕੇ ਵੀ ਕੇ ਖੇੜੀ ਵਲੋਂ ਪਿੰਡ ਕਹੇਰੂ ਅਤੇ ਭਸੌੜ ਬਲਾਕ ਧੂਰੀ ਵਿੱਚ ਸੀਆਈਪੀਟੀ ਦੇ ਸਾਂਝੇ ਉੱਦਮ ਸਦਕਾ ਪਰਾਲੀ ਦੀ ਸੰਭਾਲ, ਸਬਜ਼ੀਆਂ ਦੀ ਕਾਸ਼ਤ, ਅਤੇ ਹਾੜ੍ਹੀ ਦੀਆਂ ਫਸਲਾਂ ਦੀ ਵਿਉਂਤਬੰਦੀ ਸਬੰਧੀ ਕਿਸਾਨ ਗੋਸ਼ਟੀ ਤੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਲਾਹਕਾਰ ਕੇਂਦਰ ਦੇ ਮੁਖੀ ਡਾ. ਬੂਟਾ ਸਿੰਘ ਰੋਮਾਣਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ, ਹਾੜ੍ਹੀ ਦੀਆਂ ਫਸਲਾਂ ਦੀ ਵਿਉਂਤਬੰਦੀ ਅਤੇ ਸਰਦੀ ਰੁੱਤ ਦੀਆਂ ਸ਼ਬਜੀਆਂ ਦੀ ਕਾਸ਼ਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਦੇ ਫਾਇਦਿਆਂ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਝੋਨੇ ਦੇ ਰਹਿੰਦੇ ਸੀਜ਼ਨ ਦੌਰਾਨ ਕੀੜਿਆਂ ਦਾ ਲਗਤਾਰ ਨਿਰੀਖਣ ਕਰਨ ਲਈ ਪ੍ਰੇਰਿਆ। ਕੈਂਪ ਦੌਰਾਨ ਇੰਜਨੀਅਰ ਸੁਨੀਲ ਕੁਮਾਰ ਨੇ ਕਿਸਾਨਾਂ ਨੂੰ ਪੀਏਯੂ ਵੱਲੋਂ ਝੋਨੇ ਦੀ ਪਰਾਲੀ ਸੰਭਾਲ ਸਬੰਧੀ ਵਿਕਸਤ ਕੀਤੀਆਂ ਤਕਨੀਕਾਂ ਅਤੇ ਮਸ਼ੀਨਰੀ ਦੀ ਯੋਗ ਵਰਤੋਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਆਈਪੀਟੀ ਦੇ ਅਧਿਕਾਰੀ ਸੰਦੀਪ ਸਿੰਘ ਵੀ ਹਾਜ਼ਰ ਸਨ।
ਪਰਾਲੀ ਸਾੜਨ ਖ਼ਿਲਾਫ਼ ਪ੍ਰਚਾਰ ਮੁਹਿੰਮ ਜਾਰੀ
ਧੂਰੀ (ਖੇਤਰੀ ਪ੍ਰਤੀਨਿਧ): ਖੇਤੀਬਾੜੀ ਵਿਭਾਗ ਵੱਲੋਂ ਡਾਕਟਰ ਜਸਵਿੰਦਰ ਸਿੰਘ ਖੇਤੀਬਾੜੀ ਅਫ਼ਸਰ ਧੂਰੀ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਦੀ ਸਾਂਭ ਸੰਭਾਲ ਤੇ ਪਰਾਲੀ ਨੂੰ ਨਾ ਸਾੜਨ ਲਈ ਸ਼ੇਰਪੁਰ ਤੇ ਧੂਰੀ ਦੇ ਪਿੰਡਾਂ ਵਿੱਚ ਪ੍ਰਚਾਰ ਮੁਹਿੰਮ ਲਗਾਤਾਰ ਜਾਰੀ ਹੈ, ਜਿਸ ਤੇ ਚੱਲਦਿਆਂ ਵਿਭਾਗ ਵੱਲੋਂ 96 ਪਿੰਡਾਂ ਵਿੱਚ ਪ੍ਰਚਾਰ ਕੀਤਾ ਗਿਆ। ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀ ਇਸ ਪ੍ਰਚਾਰ ਮੁਹਿੰਮ ਵਿੱਚ ਡਾਕਟਰ ਨਰਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਹਾ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਵਾਢੀ ਉਪਰੰਤ ਪਰਾਲੀ ਨੂੰ ਅੱਗ ਨਾ ਲਾਉਣ।