ਪੰਜਾਬ ਸਰਕਾਰ ਨੇ ਲਹਿਰਾਗਾਗਾ ਖੇਤਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਇੱਥੇ ਮੈਡੀਕਲ ਕਾਲਜ ਅਤੇ ਹਸਪਤਾਲ ਸਥਾਪਤ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਵਜੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਵਿੱਚ ਨਵੀਨੀਕਰਨ ਮਗਰੋਂ ਓ ਪੀ ਡੀ ਅਤੇ ਆਈ ਪੀ ਡੀ ਸੇਵਾਵਾਂ ਦੀ ਸ਼ੁਰੂਆਤ ਕਰਵਾਈ। ਇਸ ਉਪਰਾਲੇ ਨਾਲ ਲਹਿਰਾਗਾਗਾ ਸਮੇਤ ਆਲੇ-ਦੁਆਲੇ ਦੇ 50 ਕਿਲੋਮੀਟਰ ਘੇਰੇ ਵਿੱਚ ਰਹਿੰਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ‘ਅਚਾਰਿਆ ਵਿਦਿਆਨੰਦ ਜੈਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ’ ਵੱਲੋਂ ਨਿਭਾਈਆਂ ਜਾਣਗੀਆਂ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਸੰਸਥਾ ਨੂੰ ਕਿਸੇ ਨਿੱਜੀ ਹੱਥ ਵਿੱਚ ਨਹੀਂ ਸੌਂਪਿਆ ਜਾ ਰਿਹਾ, ਸਗੋਂ ਮਨੁੱਖਤਾ ਦੀ ਸੇਵਾ ਲਈ ਟਰੱਸਟ ਦੀ ਮਦਦ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਇੰਜੀਨੀਅਰਿੰਗ ਇੰਸਟੀਚਿਊਟ ਨੂੰ ਹੁਣ ਮੈਡੀਕਲ ਕਾਲਜ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ, ਜਿਸ ਨਾਲ ਮੂਨਕ ਅਤੇ ਖਨੌਰੀ ਖੇਤਰ ਦੇ ਹਸਪਤਾਲ ਵੀ ਜੁੜਨਗੇ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅਗਲੇ ਸਾਲ ਤੋਂ ਇੱਥੇ ਨਰਸਿੰਗ, ਐੱਮ ਡੀ ਅਤੇ ਐਮ ਐਸ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ, ਜਿਸ ਨਾਲ ਸਥਾਨਕ ਵਿਦਿਆਰਥੀਆਂ ਦੇ ਡਾਕਟਰ ਬਣਨ ਦੇ ਸੁਫ਼ਨੇ ਪੂਰੇ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਐਮਰਜੈਂਸੀ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਪਟਿਆਲਾ ਜਾਂ ਸੰਗਰੂਰ ਲਿਜਾਣਾ ਪੈਂਦਾ ਸੀ, ਜਿਸ ਕਾਰਨ ਕਈ ਜਾਨਾਂ ਚਲੀਆਂ ਜਾਂਦੀਆਂ ਸਨ, ਪਰ ਹੁਣ ਇਹ ਸਮੱਸਿਆ ਖ਼ਤਮ ਹੋ ਜਾਵੇਗੀ। ਇਹ ਮੈਡੀਕਲ ਕਾਲਜ 100 ਐਮ ਬੀ ਬੀ ਐਸ ਸੀਟਾਂ ਅਤੇ ਘੱਟੋ-ਘੱਟ 440 ਬਿਸਤਰਿਆਂ ਦੀ ਸਮਰੱਥਾ ਵਾਲਾ ਹੋਵੇਗਾ।
ਖੋਖਰ ਕਲਾਂ ਵਿੱਚ ਵਾਟਰ ਵਰਕਸ ਪ੍ਰਾਜੈਕਟ ਸ਼ੁਰੂ
ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਖੋਖਰ ਕਲਾਂ ਵਿੱਚ 1.04 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਵਾਟਰ ਵਰਕਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤਾ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਫ਼ ਪਾਣੀ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ। ਇਹ ਪ੍ਰਾਜੈਕਟ ਪਿੰਡ ਦੇ ਤਕਰੀਬਨ 600 ਘਰਾਂ ਲਈ ਵਰਦਾਨ ਸਾਬਤ ਹੋਵੇਗਾ, ਜਿਸ ਨਾਲ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਕਿੱਲਤ ਤੋਂ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਪਿੰਡਾਂ ਅੰਦਰ ਸਿੱਖਿਆ, ਸਿਹਤ ਅਤੇ ਸੜਕਾਂ ਵਰਗੀਆਂ ਸਹੂਲਤਾਂ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਾਣੀ ਦੀ ਸਪਲਾਈ ਵਿੱਚ ਕੋਈ ਵਿਘਨ ਨਾ ਪਵੇ।

