ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਧੂਰੀ, 1 ਨਵੰਬਰ
ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਮੰਡੀ ਅੰਦਰਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਫੂਡ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਆਈਏਐੱਸ ਧੂਰੀ ਪੁੱਜੇ। ਇਸ ਮੌਕੇ ਰਾਹੁਲ ਭੰਡਾਰੀ ਨੇ ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐੱਸਡੀਐੱਮ ਧੂਰੀ ਅਮਿਤ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਸਾਰੇ ਪ੍ਰਬੰਧ ਪੂਰੇ ਹਨ ਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰੀਬ 20,000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਚੁੱਕੇ ਹਨ ਤੇ ਰੋਜ਼ਾਨਾ ਕਰੀਬ 1800 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 15 ਨਵੰਬਰ ਤੋਂ ਰਾਈਸ ਮਿਲਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਅਨਾਜ ਮੰਡੀਆਂ ਵਿੱਚ ਬਾਰਦਾਨੇ ਸਬੰਧੀ ਕੁਝ ਮੁਸ਼ਕਲਾਂ ਸਾਹਮਣੇ ਆਈਆਂ ਸਨ ਪਰ ਉਨ੍ਹਾਂ ਦਾ ਹੱਲ ਕਰ ਲਿਆ ਗਿਆ ਹੈ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਝੋਨੇ ਦੇ ਖ਼ਰੀਦ ਪ੍ਰਕਿਰਿਆ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਜ਼ਿਲ੍ਹਾ ਮਾਲੇਰਕੋਟਲਾ ਦਾ ਦੌਰਾ ਕੀਤਾ। ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ।
ਖਰੀਦ ਏਜੰਸੀ ਦੇ ਅਮਲੇ ਅਤੇ ਆੜ੍ਹਤੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਰਾਜਪੁਰਾ (ਪੱਤਰ ਪ੍ਰੇਰਕ): ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਇਥੋਂ ਦੀ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਫ਼ਸਲ ਦੀ ਖਰੀਦ ਦੌਰਾਨ ਊਣਤਾਈ ਸਾਹਮਣੇ ਆਉਣ ’ਤੇ ਇੱਕ ਖਰੀਦ ਏਜੰਸੀ ਦੇ ਅਮਲੇ ਅਤੇ ਆੜ੍ਹਤੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ, ਐੱਸਡੀਐੱਮ ਰਾਜਪੁਰਾ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ। ਰਾਹੁਲ ਭੰਡਾਰੀ ਨੇ ਦੱਸਿਆ ਕਿ ਰਾਜਪੁਰਾ ਦੀ ਮੰਡੀ ਵਿੱਚ ਵੱਧ ਨਮੀ ਵਾਲੀ ਅਤੇ ਬਿਨਾਂ ਸਾਫ ਸਫਾਈ ਤੋਂ ਝੋਨੇ ਦੀ ਭਰਤੀ ਬੋਰੀਆਂ ’ਚ ਕੀਤੇ ਜਾਣ ਦੀ ਕੁਤਾਹੀ ਸਾਹਮਣੇ ਆਉਣ ’ਤੇ ਇਸ ਲਈ ਜ਼ਿੰਮੇਵਾਰ ਏਜੰਸੀ ਦੇ ਸਬੰਧਤ ਅਮਲੇ ਅਤੇ ਆੜ੍ਹਤੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।