ਕਿਸਾਨਾਂ ਨੂੰ 770 ਕਰੋੜ ਰੁਪਏ ਦੀ ਅਦਾਇਗੀ
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ ਕਰੀਬ 770 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ...
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ ਕਰੀਬ 770 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,47,659 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 3,46,615 ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 2,11,051 ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈੱਡ ਵੱਲੋਂ 67,920 ਟਨ, ਪਨਸਪ ਵੱਲੋਂ 31,865 ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 35,226 ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 553 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

