ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਐੱਸਕੇਐੱਮ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਅਮਨ ਮਾਰਚ

ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਜੰਗਬਾਜ਼ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ
ਸੰਗਰੂਰ ’ਚ ਅਮਨ ਮਾਰਚ ਕੱਢਦੇ ਹੋਏ ਕਿਸਾਨ।
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 14 ਮਈ

Advertisement

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਵਿੱਚ ਬਣੇ ਜੰਗ ਦੇ ਮਾਹੌਲ ਖ਼ਿਲਾਫ਼ ਸ਼ਹਿਰ ’ਚ ਵਿਸ਼ਾਲ ਅਮਨ ਮਾਰਚ ਕੱਢਿਆ ਗਿਆ ਜਿਸ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਜੰਗਬਾਜ਼ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਅਨਾਜ ਮੰਡੀ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਗਈ ਜਿਸ ਮਗਰੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਅਮਨ ਮਾਰਚ ਕੱਢਿਆ ਗਿਆ। ਰੈਲੀ ਨੂੰ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀ.ਕੇ.ਯੂ. ਏਕਤਾ ਡਕੌਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ, ਬੀ.ਕੇ.ਯੂ. ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਬੀ.ਕੇ.ਯੂ. ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ ਤੇ ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਜ਼ਿਲ੍ਹਾ ਆਗੂ ਨਿਰੰਜਨ ਸਿੰਘ ਸਫੀਪੁਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪਹਿਲਗਾਮ ਵਿੱਚ ਮਾਰੇ ਗਏ ਸੈਲਾਨੀਆਂ ਦੇ ਕਤਲੇਆਮ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੰਗ ਕੀਤੀ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਕਿ ਸੁਰੱਖਿਆ ਏਜੰਸੀਆਂ ਦੀ ਚਿਤਾਵਨੀ ਦੇ ਬਾਵਜੂਦ ਵੱਡੀ ਗਿਣਤੀ ਸੈਲਾਨੀਆਂ ਦੀ ਆਮਦ ਵਾਲੇ ਖੇਤਰ ਵਿੱਚੋਂ ਸੁਰੱਖਿਆ ਕਿਉਂ ਹਟਾਈ ਗਈ? ਬੁਲਾਰਿਆਂ ਨੇ ਦੋਸ਼ ਲਾਇਆ ਕਿ ਪਿਛਲੇ ਦਿਨੀਂ ਦੇਸ਼ ਵਿੱਚ ਜੰਗ ਦਾ ਮਾਹੌਲ ਬਣਾਉਣ ਲਈ ਦੇਸ਼ ਦੇ ਹਾਕਮਾਂ ਦੀਆਂ ਜੰਗਬਾਜ਼ ਨੀਤੀਆਂ ਜ਼ਿੰਮੇਵਾਰ ਹਨ ਜਿਨ੍ਹਾਂ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਜੰਗ ਦਾ ਮਾਹੌਲ ਬਣਾਇਆ ਅਤੇ ਸੋਸ਼ਲ ਮੀਡੀਆ ਉੱਪਰ ਇੱਕ ਵਿਸ਼ੇਸ਼ ਫਿਰਕੇ ਦੇ ਲੋਕਾਂ ਖਿਲਾਫ਼ ਨਫ਼ਰਤ ਦਾ ਮਾਹੌਲ ਪੈਦਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜੰਗਬਾਜ਼ ਸਾਮਰਾਜੀ ਤਾਕਤਾਂ ਖਿਲਾਫ਼ ਇੱਕਜੁੱਟ ਸੰਘਰਸ਼ ਦੀ ਲੋੜ ਹੈ। ਰੈਲੀ ਨੂੰ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਵਾਲ,ਬੀਕੇਯੂ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜਿਲਾ ਆਗੂ ਨਿਰਮਲ ਸਿੰਘ ਬਟੜਿਆਣਾ, ਹਰਮੇਲ ਸਿੰਘ ਮਹਿਰੋਕ, ਦਰਬਾਰਾ ਸਿੰਘ ਛਾਜਲਾ, ਦਰਸ਼ਨ ਸਿੰਘ ਕੁੰਨਰਾਂ, ਰਣਧੀਰ ਸਿੰਘ ਭੱਟੀਵਾਲ, ਮਹਿੰਦਰ ਸਿੰਘ ਭੱਠਲ ਤੇ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਵੀ ਸੰਬੋਧਨ ਕੀਤਾ।

ਪਹਿਲਗਾਮ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ

ਪਟਿਆਲਾ (ਸਰਬਜੀਤ ਸਿੰਘ ਭੰਗੂ): ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਹਿੰਦ-ਪਾਕਿ ਜੰਗ ਦੇ ਵਿਰੁੱਧ ਅਨਾਜ ਮੰਡੀ ਤੋਂ ਫੁਆਰਾ ਚੌਕ ਤੱਕ ਵਹੀਕਲ ਮਾਰਚ ਕੀਤਾ ਗਿਆ। ਇਹ ਮਾਰਚ ਖੰਡਾ ਚੌਕ ਅਤੇ ਲੀਲਾ ਭਵਨ ਚੌਕ ਤੋਂ ਹੁੰਦਾ ਹੋਇਆ ਫੁਹਾਰਾ ਚੌਕ ਅਤੇ ਮਾਲ ਰੋਡ ’ਤੇ ਪਹੁੰਚਿਆ। ਜੀਪਾਂ, ਕਾਰਾਂ ਅਤੇ ਮੋਟਰਸਾਈਕਲਾਂ ’ਤੇ ਸਵਾਰ ਕਿਸਾਨਾਂ ਵੱਲੋਂ ਹਿੰਦ-ਪਾਕਿ ਜੰਗ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲ ਅਨਾਜ ਮੰਡੀ ਵਿਚ ਹੋਈ ਇਕੱਤਰਤਾ ਦੌਰਾਨ ਡਾ. ਦਰਸ਼ਨਪਾਲ, ਰਾਮਿੰਦਰ ਸਿੰਘ ਪਟਿਆਲਾ, ਮਾਸਟਰ ਬਲਰਾਜ ਜੋਸ਼ੀ, ਦਵਿੰਦਰ ਸਿੰਘ ਪੂਨੀਆ, ਦਰਸ਼ਨ ਬੇਲੂਮਾਜਰਾ, ਹਰਭਜਨ ਸਿੰਘ ਬੁੱਟਰ, ਸੁਖਵਿੰਦਰ ਤੁੱਲੇਵਾਲ, ਬੂਟਾ ਸਿੰਘ ਸ਼ਾਦੀਪੁਰ, ਜਗਪਾਲ ਸਿੰਘ ਊਧਾ, ਚਰਨਜੀਤ ਕੌਰ, ਗੁਰਮੀਤ ਸਿੰਘ ਤੇ ਜਸਬੀਰ ਸਿੰਘ ਖੇੜੀ ਆਦਿ ਕਿਸਾਨ ਆਗੂਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ ਕਈਆਂ ਨੇ ਇਕੱਠ ਨੂੰ ਸੰਬੋਧਨ ਵੀ ਕੀਤਾ। ਬੁਲਾਰਿਆਂ ਦਾ ਕਹਿਣਾ ਸੀ ਕਿ ਜੰਗਾਂ ਕਦੇ ਵੀ ਮਸਲਿਆਂ ਤੇ ਝਗੜਿਆਂ ਦਾ ਹੱਲ ਨਹੀਂ ਹੁੰਦੀਆਂ ਜਿਸ ਕਰਕੇ ਦੇਸ਼ ਨੂੰ ਜੰਗ ਦੇ ਰਾਹ ਨਹੀਂ ਪੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਨਾਲ ਕੂਟਨੀਤਕ ਢੰਗ ਨਾਲ ਮਿਲ ਬੈਠ ਕੇ ਲਟਕਦੇ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਬੁਲਾਰਿਆਂ ਨੇ ਪਹਿਲਗਾਮ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਥਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਅਪੀਲ ਵੀ ਕੀਤੀ।

Advertisement