ਸੰਗਰੂਰ: ਪੰਜਾਬ ਸਟੇਟ ਪੈਨਸ਼ਨਰਜ ਕਨਫੈਡਰੇਸ਼ਨ ਨੇ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੱਲੇ ਨਿਰਾਸ਼ਾ ਪਈ ਹੈ। ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਹਿਯੋਗ ਸਦਕਾ ‘ਆਪ’ ਨੇ ਵੱਡੀ ਜਿੱਤ ਪ੍ਰਾਪਤ ਕੀਤੀ। ਇਸ ਸਰਕਾਰ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀਆਂ ਉਮੀਦਾਂ ਸਨ। ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਭਾਰੀ ਵਿਤਕਰਾ ਕਰਦੇ ਹੋਏ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਸਰਕਾਰ ਵੱਲੋਂ ਭੁਲਾ ਦਿੱਤੇ ਗਏ ਹਨ। ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ, ਪੈਨਸ਼ਨਰਾਂ ਦੀਆਂ ਮੰਗਾਂ ਅਤੇ ਪੈਡਿੰਗ ਪਏ ਬਕਾਇਆਂ ਸਬੰਧੀ ਕੋਈ ਗੱਲ ਨਹੀਂ ਕੀਤੀ ਗਈ। ਸ੍ਰੀ ਅਰੋੜਾ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਦਾ ਗੁਣਾਂਕ ਦਿੱਤਾ ਜਾਵੇ, 6ਵੇਂ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, 1 ਜਨਵਰੀ 2016 ਨੂੰ ਬੇਸਿਕ ਪੈਨਸ਼ਨ ਵਿੱਚ 113 ਫੀਸਦੀ ਦੇ ਸਥਾਨ ਤੇ 125 ਫੀਸਦੀ ਮਹਿੰਗਾਈ ਭੱਤੇ ਨੂੰ ਮੰਨਦੇ ਹੋਏ ਸੋਧਿਆ ਹੋਇਆ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। -ਨਿੱਜੀ ਪੱਤਰ ਪ੍ਰੇਰਕ