ਬੈਂਕਾਂ ’ਚ ਖੱਜਲ-ਖੁਆਰੀ ਤੋਂ ਖਫ਼ਾ ਪੈਨਸ਼ਨਰਾਂ ਨੇ ਨਾਅਰੇਬਾਜ਼ੀ ਕੀਤੀ
ਪੰਜਾਬ ਸਰਕਾਰ ’ਤੇ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਇਆ; ਪੈਨਸ਼ਨ ਸਮੇਂ ਸਿਰ ਦੇਣ ਦੀ ਮੰਗ
ਬੈਂਕਾਂ ਵਿੱਚ ਪੈਨਸ਼ਨਰਾਂ ਦੀ ਹੋ ਰਹੀ ਖੱਜਲ-ਖੁਆਰੀ ਤੋਂ ਖਫ਼ਾ ਪੈਨਸ਼ਨਰਾਂ ਵੱਲੋਂ ਆਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਸ਼ਹਿਰ ਦੇ ਵੱਡੇ ਚੌਕ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕਰਦਿਆਂ ਖੱਜਲ ਖੁਆਰੀ ਬੰਦ ਕਰਨ ਅਤੇ ਪੈਨਸ਼ਨਾਂ ਦੀ ਅਦਾਇਗੀ ਸਮੇਂ ਸਿਰ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਆਲ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਬਾਲੀਆਂ ਅਤੇ ਜਨਰਲ ਸਕੱਤਰ ਬਲਵੰਤ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੈਂਕਾਂ ਵਿਚ ਪੈਨਸ਼ਨਰਾਂ ਦੀ ਅਦਾਇਗੀ ਸਮੇਂ ਸਿਰ ਨਹੀਂ ਕੀਤੀ ਜਾਂਦੀ ਜਿਸ ਕਾਰਨ ਪੈਨਸ਼ਨਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਸਿਬੀਆ, ਪਵਨ ਸ਼ਰਮਾ, ਵਿੱਤ ਸਕੱਤਰ ਮੋਹਨ ਸਿੰਘ ਅਤੇ ਸਰਪ੍ਰਸਤ ਜਗਦੀਸ਼ ਸ਼ਰਮਾ ਨੇ ਮੰਗ ਕੀਤੀ ਕਿ ਬੈਂਕਾਂ ਵਿੱਚ ਪੈਨਸ਼ਨਰਾਂ ਦੀ ਖੱਜਲ-ਖੁਆਰੀ ਬੰਦ ਕੀਤੀ ਜਾਵੇ ਅਤੇ ਅਦਾਇਗੀ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਸਟੇਟ ਬੈਂਕ ਆਫ਼ ਇੰਡੀਆ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰਾਂ ਵੱਲੋਂ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਪੈਨਸ਼ਨਰਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਸਮੇਂ ਸਿਰ ਜਾਰੀ ਕੀਤੀ ਜਾਵੇਗੀ। ਇਸ ਮੌਕੇ ਮੀਤ ਪ੍ਰਧਾਨ ਹਰਬੰਸ ਲਾਲ ਜਿੰਦਲ, ਸੱਤਪਾਲ ਕਲਸੀ, ਭਗਵਾਨ ਦਾਸ ਸ਼ਰਮਾ, ਰਾਮ ਲਾਲ ਸ਼ਰਮਾ, ਰਾਮਪਾਲ ਭਿੰਡਰ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਖੇੜੀ, ਰਾਮਪਾਲ ਮੰਗਵਾਲ, ਰੂਪ ਚਾਂਗਲੀ, ਭੋਲਾ ਘਨੌਰੀ, ਬਲਵਿੰਦਰ ਖੇੜੀ, ਕੁਲਵੰਤ ਸਿੰਘ ਤੇ ਜਗਦੇਵ ਸਿੰਘ ਤੁੰਗਾਂ ਹਾਜ਼ਰ ਸਨ।

