ਪੈਨਸ਼ਨਰਾਂ ਵੱਲੋਂ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ ਦੀ ਮੰਗ
ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਨੇ ਪੰਜਾਬ ਸਰਕਾਰ ਤੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ 16 ਫੀਸਦੀ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹੋਂਦ ਵਿੱਚ ਆਇਆਂ ਸਾਢੇ ਤਿੰਨ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਪਰ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਸਗੋਂ ਮੰਗਾਂ ਸਬੰਧੀ ਟਾਲਮਟੋਲ ਦੀ ਨੀਤੀ ਅਪਣਾਈ ਹੋਈ ਹੈ। ਪੈਨਸ਼ਨਰਾਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਅਨੇਕਾਂ ਸੰਘਰਸ਼ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਨੇ ਮੰਗਾਂ ਦੇ ਹੱਲ ਲਈ ਵਾਰ-ਵਾਰ ਮੀਟਿੰਗ ਲਈ ਸਮਾਂ ਦੇਣ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੀਟਿੰਗ ਵਿੱਚ ਹਾਜ਼ਰ ਨਾ ਹੋ ਕੇ ਕਿਸੇ ਵੀ ਮੰਗ ਦਾ ਨਿਪਟਾਰਾ ਨਹੀਂ ਕੀਤਾ ਅਤੇ 16 ਫੀਸਦੀ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਹੁਣ ਤੱਕ ਜਾਰੀ ਨਾ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੋਝਾ ਮਜ਼ਾਕ ਕੀਤਾ ਹੈ ਜਿਸ ਕਾਰਨ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਸਰਕਾਰੀ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੁੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਛੇਵੇਂ ਤਨਖਾਹ ਕਮਿਸ਼ਨ ਨੂੰ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਵੇ। 16 ਫੀਸਦੀ ਮਹਿੰਗਾਈ ਭੱਤੇ ਦੀਆਂ 5 ਕਿਸ਼ਤਾਂ ਅਤੇ ਕਿਸ਼ਤਾਂ ਦੇ ਬਕਾਏ ਦੀਵਾਲੀ ਤੋਂ ਪਹਿਲਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਪੇਅ ਕਮਿਸ਼ਨ ਦੀ ਸਿਫ਼ਾਰਿਸ਼ ਅਨੁਸਾਰ ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ।