ਨਿਜੀ ਪੱਤਰ ਪ੍ਰੇਰਕ
ਸੰਗਰੂਰ, 8 ਮਾਰਚ
ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਇਥੇ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਕਰਦਿਆਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਥੇ ਤਹਿਸੀਲ ਕੰਪਲੈਕਸ ਵਿੱਚ ਰੋਸ ਰੈਲੀ ਮਗਰੋਂ ਪੈਨਸ਼ਨਰ ਰੋਸ ਮਾਰਚ ਕਰਦਿਆਂ ਲਾਲ ਬੱਤੀ ਚੌਕ ਪੁੱਜੇ ਜਿਥੇ ਆਵਾਜਾਈ ਠੱਪ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਅਰਜਨ ਸਿੰਘ, ਭਰਥਰੀ ਸ਼ਰਮਾ, ਬਲਵੰਤ ਸਿੰਘ ਢਿੱਲੋਂ, ਸੁਰਿੰਦਰ ਬਾਲੀਆਂ ਅਤੇ ਬਿੱਕਰ ਸਿੰਘ ਸਬਿੀਆ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਪਹਿਲਾਂ ਪੰਜਾਬ ਨੂੰ ਚੰਡੀਗੜ੍ਹ ਨਾ ਦੇਣਾ, ਪੀਜੀਆਈ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਉਪਰ ਕਬਜ਼ਾ ਕੀਤਾ ਹੋਇਆ ਹੈ ਪਰੰਤੂ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਅਤੇ ਪੰਜਾਬ ਪੁਲੀਸ ਦੀ ਜਗ੍ਹਾ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨਾ ਪੰਜਾਬ ਵਿਰੋਧੀ ਫੈਸਲਾ ਹੈ ਜਿਸ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਲੋਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਉਪਰ ਕਬਜ਼ਾ ਕਰਨਾ ਚਾਹੁੰਦਾ ਹੈ ਅਤੇ ਫੈਡਰਲ ਢਾਂਚੇ ਨੂੰ ਤਹਿਤ ਨਹਿਸ ਕਰਨਾ ਚਾਹੁੰਦਾ ਹੈ ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਯਤਨ ਤੇਜ਼ ਕੀਤੇ ਜਾਣ, ਰਹਿੰਦੀ ਪੜ੍ਹਾਈ ਨੂੰ ਮੁਕੰਮਲ ਕਰਨ ਲਈ ਭਾਰਤ ਵਿਚ ਪ੍ਰਬੰਧ ਕੀਤਾ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀਆਂ ਤਰੁੱਟੀਆਂ ਦੂਰ ਕਰਦੇ ਹੋਏ ਜਨਵਰੀ-2016 ਤੋਂ ਜੂਨ 2021 ਤੱਕ ਸਾਰਾ ਬਕਾਇਆ, 3 ਫੀਸਦੀ ਡੀਏ ਵਿਚ ਵਾਧਾ ਕਰਨ, 7/11 ਤੋਂ ਡੀਏ ਦੇ ਬਕਾਏ ਤੁਰੰਤ ਦਿੱਤੇ ਜਾਣ। ਇਸ ਮੌਕੇ ਬਾਲ ਕ੍ਰਿਸ਼ਨ ਚੌਹਾਨ, ਗੁਰਦੇਵ ਸਿੰਘ ਗਰੇਵਾਲ, ਬਲਵੀਰ ਸਿੰਘ ਰਤਨ, ਮੋਹਨ ਸਿੰਘ, ਦਰਸ਼ਨ ਸਿੰਘ, ਰਾਮ ਲਾਲ ਸ਼ਰਮਾ, ਮੇਲਾ ਸਿੰਘ ਪੁੰਨਾਂਵਾਲ, ਪ੍ਰਸ਼ੋਤਮ ਸ਼ਰਮਾ, ਅਜਮੇਰ ਸਿੰਘ, ਸੱਤਪਾਲ ਕਲਸੀ, ਫੈਜ਼ ਖਾਨ, ਜਗਦੇਵ ਸਿੰਘ ਆਦਿ ਸ਼ਾਮਲ ਸਨ।