ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ ਮੁਜ਼ਾਹਰਾ
ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਮੰਨਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰਾਕਾਰੀ ਪੈਨਸ਼ਨਰਾਂ ਨੇ ਚਿਤਾਵਨੀ...
ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਮੰਨਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰਾਕਾਰੀ ਪੈਨਸ਼ਨਰਾਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ 17 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਕੋਠੀ ਵੱਲ ਹੋਣ ਵਾਲੇ ਰੋਸ ਮਾਰਚ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਅਤੇ ਜਨਰਲ ਸਕੱਤਰ ਬਲਵੰਤ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਸਿਬੀਆ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਸਥਾਨਕ ਡੀਸੀ ਕੰਪਲੈਕਸ ਵਿੱਚ ਇਕੱਠੇ ਹੋਏ ਜਿਥੇ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਸੋਸੀਏਸ਼ਨ ਆਗੂਆਂ ਜਗਦੀਸ਼ ਸ਼ਰਮਾ, ਬਹਾਦਰ ਸਿੰਘ ਰਾਓ, ਪਵਨ ਸ਼ਰਮਾ ਤੇ ਭਰਪੂਰ ਸਿੰਘ ਭੁੱਲਰ ਆਦਿ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲੇ ਤੱਕ 2016 ਤੋਂ ਪਹਿਲਾਂ ਸੇਵਾ ਮੁਕਤ ਪੈਨਸ਼ਨਰਾਂ ਨੂੰ 2.59 ਗੁਣਾਂਕ, 16 ਫੀਸਦੀ ਡੀਏ ਦੀਆਂ ਕਸ਼ਤਾਂ ਅਤੇ 1/7/2021 ਤੋਂ ਹੁਣ ਤੱਕ ਪਿਛਲੇ ਡੀਏ ਦੇ ਬਕਾਏ ਅਤੇ 2000 ਮੈਡੀਕਲ ਭੱਤਾ ਨਾ ਦੇ ਕੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਵਲੋਂ ਮੈਡੀਕਲ ਬਿੱਲ ਅਤੇ ਹੋਰ ਅਦਾਇਗੀਆਂ ’ਤੇ ਜ਼ੁਬਾਨੀ ਪਾਬੰਦੀ ਲਗਾ ਰੱਖੀ ਹੈ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਰਾਜ ਪੈਨਸ਼ਨਰ ਮਹਾਂਸੰਘ ਦੇ ਫੈਸਲੇ ਅਨੁਸਾਰ 17 ਅਕਤੂਬਰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਰਾਮ ਲਾਲ ਸ਼ਰਮਾ, ਪਵਨ ਕੁਮਾਰ ਬਡਰੁੱਖਾਂ, ਮੋਹਨ ਸਿੰਘ ਬਾਵਾ, ਜੈ ਸਿੰਘ, ਹਰਬੰਸ ਲਾਲ ਜਿੰਦਲ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਖੇੜੀ, ਹਰਬੰਸ ਸਿੰਘ ਮਹਿਰੋਕ, ਕੁਲਦੀਪ ਸਿੰਘ ਈਸਾਪੁਰ, ਬੰਤ ਸਿੰਘ ਕਾਤਰੋਂ ਤੇ ਜਸਮੇਲ ਸਿੰਘ ਉੱਪਲੀ ਆਦਿ ਹਾਜ਼ਰ ਸਨ।