ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਫਰਵਰੀ
ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਪੈਨਸ਼ਨਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਖ਼ਿਲਾਫ਼ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੋਈ ਰਾਹਤ ਨਾ ਦੇਣ ਦੀ ਨਿਖੇਧੀ ਕੀਤੀ।
ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਚੇਅਰਮੈਨ ਤੇ ਸਟੇਟ ਕਨਫੈਡਰੇਸ਼ਨ ਦੇ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਅਤੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਧੂਰਾ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਉਨ੍ਹਾਂ ਵਿੱਚ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਰੋਸ ਹੈ। ਬੁਲਾਰਿਆਂ ਨੇ ਕੇਂਦਰ ਸਰਕਾਰ ਤੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ, ਕਿਸਾਨਾਂ ਅਤੇ ਨੌਜਵਾਨਾਂ ’ਤੇ ਪਾਏ ਝੂਠੇ ਕੇਸ ਰੱਦ ਕਰਨ ਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਪੰਜਾਬ ਸਰਕਾਰ ਪਾਸੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ।
ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਧੂਰਾ ਨੇ ਇਕਾਈ ਤੇ ਜ਼ਿਲ੍ਹਾ ਪੱਧਰੀ ਚੋਣ ਕਰਵਾਉਣ ਦਾ ਐਲਾਨ ਕੀਤਾ, ਜਿਸ ਅਨੁਸਾਰ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਸਮੂਹ ਇਕਾਈਆਂ ਵੱਲੋਂ 15 ਫਰਵਰੀ ਤੱਕ ਚੋਣ ਮੁਕੰਮਲ ਕਰ ਕੇ ਡੈਲੀਗੇਟਾਂ ਦੀ ਸੂਚੀ ਜ਼ਿਲ੍ਹਾ ਦਫ਼ਤਰ ਵਿੱਚ ਭੇਜੀ ਜਾਵੇਗੀ। 26 ਫਰਵਰੀ ਨੂੰ ਡੈਲੀਗੇਟ ਇਜਲਾਸ ਹੋਵੇਗਾ, ਜਿਸ ਵਿੱਚ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਜਾਵੇਗੀ।