ਟਰੈਫਿਕ ਜਾਮ ਤੋਂ ਲੋਕ ਪ੍ਰੇਸ਼ਾਨ
ਹਰਦੀਪ ਸਿੰਘ ਸੋਢੀ
ਧੂਰੀ 26 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਅੰਦਰ ਲੱਗਦੇ ਟਰੈਫਿਕ ਜਾਮ ਤੋਂ ਲੋਕ ਪ੍ਰੇਸ਼ਾਨ ਹਨ। ਸ਼ਹਿਰ ਵਾਸੀਆਂ ਮੁਤਾਬਕ ਸ਼ਹਿਰ ਦੇ ਮੁੱਖ ਬਾਜ਼ਾਰਾਂ ਦੇ ਬਾਹਰ ਦੁਕਾਨਾਂ ਅੱਗੇ ਨਾਜਾਇਜ਼ ਖੜੀਆਂ ਰੇਹੜੀਆਂ ਅਤੇ ਨਾਜਾਇਜ਼ ਕਬਜ਼ੇ ਟਰੈਫਿਕ ਦੀ ਸਮੱਸਿਆ ਨੂੰ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਨਾਲ ਚੱਲਣ ਵਾਲੇ ਰਿਕਸ਼ੇ ਬਜ਼ਾਰਾਂ ਵਿੱਚ ਥਾਂ-ਥਾਂ ਖੜ੍ਹੇ ਹਨ ਜਦੋਂ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਅੰਦਰ ਸੰਗਰੂਰ ਵਾਲੀ ਕੋਠੀ, ਪੁਰਾਣੀ ਕਚਹਿਰੀ ਕੋਲ ਖੁੱਲ੍ਹੀਆਂ ਥਾਵਾਂ ਵਿੱਚ ਕਾਰਾਂ ਨੂੰ ਖੜਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਨਗਰ ਕੌਂਸਲ ਧੂਰੀ ਵੱਲੋਂ ਲਗਾਈ ਗਈ ਪੀਲੀ ਲਾਈਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਵੀ ਕਾਗ਼ਜ਼ੀ ਹਨ। ਲੋਕਾਂ ਨੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਆਟੋ ਰਿਕਸ਼ਾ ਚਾਲਕਾਂ ਲਈ ਵੱਖਰੀ ਪਾਰਕਿੰਗ ਬਣਾਈ ਜਾਵੇ ਤੇ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆਂ ਵੱਲ ਧਿਆਨ ਦਿੱਤਾ ਜਾਵੇ।
ਸਮੱਸਿਆ ਹੱਲ ਕਰਨ ਦਾ ਭਰੋਸਾ
ਟਰੈਫਿਕ ਅਧਿਕਾਰੀ ਸਤਨਾਮ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਸਮੇਂ-ਸਮੇਂ ’ਤੇ ਗਸ਼ਤ ਕੀਤੀ ਜਾ ਰਹੀ ਹੈ ਤੇ ਟਰੈਫਿਕ ਜਾਮ ਨਹੀਂ ਲੱਗਣ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਬਿਜਲੀ ਨਾਲ ਚੱਲਣ ਵਾਲੇ ਆਟੋ ਰਿਕਸ਼ਾ ਚਾਲਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਧੂਰੀ ਦੇ ਕਾਰਜਸਾਧਕ ਅਫ਼ਸਰ ਗੁਰਿੰਦਰ ਸਿੰਘ ਨੇ ਕਿਹਾ ਕਿ ਦੁਕਾਨਾਂ ਅੱਗੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਵਾਉਣ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ।