ਖੇਤਰੀ ਪ੍ਰਤੀਨਿਧ
ਧੂਰੀ, 23 ਜੁਲਾਈ
ਨੇੜਲੇ ਪਿੰਡ ਰਾਜੋਮਾਜਰਾ ਵਿੱਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਟੂਟੀਆਂ ਵਿੱਚ ਆ ਰਹੇ ਗੰਦੇ ਪਾਣੀ ਤੋਂ ਤੰਗ ਹੋ ਕੇ ਮੌਜੂਦਾ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਨਮੋਲ ਨੇ ਕਿਹਾ ਕਿ 2 ਮਹਿਨੇ ਪਹਿਲਾਂ ਪਾਣੀ ਵਾਲੀ ਦੀ ਟੈਂਕੀ ਵਾਲਾ ਬੋਰ ਖ਼ਰਾਬ ਹੋਣ ਕਾਰਨ ਪਿੰਡ ਅੰਦਰ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਆ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਮੱਸਿਆਂ ਬਾਰੇ ਸਬੰਧਤ ਵਿਭਾਗ ਨੂੰ ਜਾਣੂ ਕਰਵਾ ਦਿੱਤਾ ਗਿਆ ਸੀ ਪਰ ਅੱਜ ਤੱਕ ਇਸ ਮੁਸ਼ਕਲ ਦਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਟੂਟੀਆਂ ’ਚ ਆਉਣ ਵਾਲੇ ਪਾਣੀ ਦੀ ਥਾਂ ਗੰਦੀ ਰੇਤ ਆ ਰਹੀ ਹੈ। ਉਨ੍ਹਾਂ ਕਿਹਾ ਜੇਕਰ ਪਿੰਡ ਅੰਦਰ ਗੰਦੇ ਪਾਣੀ ਕਾਰਨ ਕੋਈ ਬਿਮਾਰੀ ਫੈਲੀ ਇਸ ਦੀ ਜ਼ਿਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਇਸ ਸਮੱਸਿਆ ਦਾ ਜਲਦ ਹੱਲ ਨਾ ਕੱਢਿਆ ਗਿਆ ਤਾਂ 25 ਜੁਲਾਈ ਨੂੰ ਐੱਸ.ਡੀ.ਐੱਮ ਦਫਤਰ ’ਚ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਗੁਰਮੀਤ ਕੌਰ ਆਦਿ ਸ਼ਾਮਲ ਸਨ।