ਸੰਗਰੂਰ-ਲੁਧਿਆਣਾ ਮਾਰਗ ’ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
ਹਰਦੀਪ ਸਿੰਘ ਸੋਢੀ
ਧੂਰੀ, 14 ਜੁਲਾਈ
ਧੂਰੀ ਵਿੱਚ ਸੰਗਰੂਰ-ਲੁਧਿਆਣਾ ਮੁੱਖ ਮਾਰਗ ’ਤੇ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ ਹਨ। ਕਿਰਪਾਲ ਸਿੰਘ ਰਾਜੋਮਾਜਰਾ ਤੇ ਹਰਬੰਸ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮਾਰਗ ’ਤੇ ਪੁਲ ਦੇ ਨਾਲ ਨਾਨਕਸਰ ਗੁਰਦੁਆਰੇ ਦੇ ਕੋਲ ਬਰਸਾਤ ਦਾ ਪਾਣੀ ਭਰਨ ਕਾਰਨ ਸਥਾਨਕ ਲੋਕਾਂ ਤੋਂ ਇਲਾਵਾ ਵਾਹਨ ਚਾਲਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਪਾਣੀ ਜ਼ਿਆਦਾ ਹੋਣ ਕਾਰਨ ਸੜਕ ਦੇ ਦੋਵੇਂ ਪਾਸੇ ਕਾਰਾਂ ਤੇ ਹੋਰ ਵੱਡੇ ਛੋਟੇ ਵਾਹਨਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਉਨ੍ਹਾਂ ਕਿਹਾ ਪ੍ਰਸ਼ਾਸਨ ਵੱਲੋਂ ਇਸ ਪਾਣੀ ਦੀ ਸਮੱਸਿਆਂ ਨੂੰ ਹੱਲ ਕਰਨ ਲਈ ਸੀਵਰੇਜ ਤੇ ਹੋਰ ਪ੍ਰਬੰਧ ਵੀ ਕੀਤੇ ਸਨ ਪਰ ਇਹ ਪ੍ਰਬੰਧ ਇਸ ਪਾਣੀ ਅੱਗੇ ਛੋਟੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆਂ ਦਾ ਪੱਕਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾਉਣ ਲਈ ਇੱਕ ਪੱਤਰ ਵੀ ਲਿਖਿਆ ਗਿਆ ਹੈ ਕਿਉਂਕਿ ਇਹ ਸਮੱਸਿਆ ਬਰਸਾਤ ਦੇ ਮੌਸਮ ਵਿੱਚ ਹਰ ਸਾਲ ਆਉਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ। ਧੂਰੀ ਦੇ ਕਾਰਜਸਾਧਕ ਅਫ਼ਸਰ ਗੁਰਿੰਦਰ ਸਿੰਘ ਨੇ ਕਿਹਾ ਕਿ ਇਸ ਥਾਂ ’ਤੇ ਸੀਵਰੇਜ ਦੀ ਸਫ਼ਾਈ ਤੋਂ ਇਲਾਵਾ ਸਮੱਸਿਆ ਦਾ ਪੱਕਾ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ।