ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਹਲਕਾ ਲਹਿਰਾ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ’ਚ ਤੇਜ਼ੀ ਨਾਲ ਰਾਜਸੀ ਹਾਲਾਤ ਬਦਲ ਰਹੇ ਹਨ। ਪੰਜਾਬ ਦੀ ਬਿਹਤਰੀ ਅਤੇ ਪੰਥ ਦੇ ਭਲੇ ਲਈ ਲੋਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਮਹਾਗੱਠਜੋੜ ਨਾਲ ਜੁੜ ਰਹੇ ਹਨ। ਸ੍ਰੀ ਢੀਂਡਸਾ ਇੱਥੇ ਆਪਣੇ ਗ੍ਰਹਿ ’ਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸੱਤਾ ’ਤੇ ਕਾਬਜ਼ ਹੋਣ ਲਈ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਗੁੁਮਰਾਹ ਕਰ ਰਹੀਆਂ ਹਨ। ਇਨ੍ਹਾਂ ਪਾਰਟੀਆਂ ਵੱਲੋਂ ਝੂਠੇ ਲਾਰਿਆਂ ਅਤੇ ਫੋਕੇ ਐਲਾਨਾਂ ਦਾ ਸਹਾਰਾ ਲੈ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਕਿਸੇ ਪਾਰਟੀ ਨੇ ਕੋਈ ਠੋਸ ਏਜੰਡਾ ਪੇਸ਼ ਨਹੀਂ ਕੀਤਾ। ਢੀਂਡਸਾ ਨੇ ਵੱਖ-ਵੱਖ ਚੋਣ ਸਰਵੇਖਣਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਅਜੇ ਤੱਕ ਕਈ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਂ ਵੀ ਐਲਾਨ ਨਹੀਂ ਹੋਏ ਜਦੋਂ ਕਿ ਵਿਧਾਨ ਸਭਾ ਚੋਣਾਂ ਦਾ ਵੱਡਾ ਦਾਰੋਮਦਾਰ ਉਮੀਦਵਾਰ ਦੇ ਸਿਆਸੀ ਕੱਦ, ਉਸ ਦੇ ਕਿਰਦਾਰ ਤੇ ਉਸਦੇ ਨਿੱਜੀ ਪ੍ਰਭਾਵ ’ਤੇ ਟਿਕਿਆ ਹੁੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਪੱਧਰ ’ਤੇ ਹੀ ਗੁੰਮਰਾਹਕੁਨ ਚੋਣ ਸਰਵੇਖਣ ਕਰਵਾਏ ਜਾ ਰਹੇ ਹਨ ਜੋ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ।