ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 22 ਜਨਵਰੀ
ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਆਮ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਅੱਜ ਨੇੜਲੇ ਪਿੰਡ ਫਤਿਹਗੜ੍ਹ ਭਾਦਸੋਂ ਦੇ ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਖ਼ਿਲਾਫ਼ ਕਾਲੀਆਂ ਝੰਡੀਆਂ ਲੈ ਕੇ ਮੁਜ਼ਾਹਰਾ ਕੀਤਾ ਗਿਆ।
ਕਿਸਾਨ ਆਗ ਹਰਜੀਤ ਸਿੰਘ, ਹਰਚਰਨ ਸਿੰਘ ਖੱਟੜਾ, ਮੱਘਰ ਸਿੰਘ ਤੇ ਅਵਤਾਰ ਸਿੰਘ ਨੇ ਦੋਸ਼ ਲਗਾਇਆ ਕਿ ਕੈਬਨਿਟ ਮੰਤਰੀ ਸਿੰਗਲਾ ਨੇ ਪਿੰਡ ’ਚ ਧਰਮਸ਼ਾਲਾ ਬਣਾਉਣ ਦੇ ਮੁੱਦੇ ’ਤੇ ਕਿਸਾਨਾਂ ਤੇ ਮਜ਼ਦੂਰਾਂ ਵਿੱਚ ਆਪਸੀ ਖਿੱਚੋਤਾਣ ਅਤੇ ਤਣਾਅ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਕਰਜ਼ਾ ਮਾਫੀ ਸਮੇਤ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਰੁਜ਼ਗਾਰ ਮੰਗਦੇ ਨੌਜਵਾਨਾਂ ਦਾ ਸੜਕਾਂ ਉੱਤੇ ਕੁਟਾਪਾ ਕੀਤਾ ਗਿਆ।
ਇਸ ਮੌਕੇ ਇਕੱਤਰ ਹੋਏ ਕਿਸਾਨਾਂ ਵੱਲੋਂ ਚੋਣਾਂ ਦੌਰਾਨ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਿੰਡ ਵਿੱਚ ਵੋਟਾਂ ਮੰਗਣ ਲਈ ਆਏ ਕਾਂਗਰਸੀ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਪਿੰਡ ਵਿੱਚ ਕਾਂਗਰਸ ਪਾਰਟੀ ਦਾ ਬਾਈਕਾਟ ਕਰਨ ਸਬੰਧੀ ਬੈਨਰ ਵੀ ਲਗਾਏ ਗਏ।
ਇਸ ਮੌਕੇ ਅਮਨ ਸਿੰਘ, ਲਖਵਿੰਦਰ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਬਲਦੀਪ ਸਿੰਘ, ਗੁਰਜੰਟ ਸਿੰਘ, ਅਜੈ ਸ਼ਰਮਾ, ਬਲਦੇਵ ਸ਼ਰਮਾ, ਸੁਖਦੇਵ ਸਿੰਘ, ਸ਼ਮਸ਼ੇਰ ਸਿੰਘ ਤੇ ਬਿੱਟੂ ਸਿੰਘ ਹਾਜ਼ਰ ਸਨ। ਇਸ ਸਬੰਧੀ ਬਲਾਕ ਸਮਿਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸਿੰਗਲਾ ਵੱਲੋਂ ਹਮੇਸ਼ਾਂ ਭਾਈਚਾਰਕ ਸਾਂਝ ਨੂੰ ਪਹਿਲ ਦਿੱਤੀ ਗਈ ਹੈ ਅਤੇ ਪਿੰਡ ਫਤਿਹਗੜ੍ਹ ਭਾਦਸੋਂ ਵਿੱਚ ਅਨੇਕਾਂ ਵਿਕਾਸ ਦੇ ਕੰਮ ਕੀਤੇ ਗਏ ਹਨ।