ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਮਾਰਚ
ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਉਣ ਸਬੰਧੀ ਦਿੱਤੇ ਗਏ ਆਦੇਸ਼ਾਂ ’ਤੇ ਪਹਿਲਕਦਮੀ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਆਪਣੇ ਦਫ਼ਤਰ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਗਵਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸ਼ਹੀਦ ਭਗਤ ਸਿੰਘ ਦਾ ਮਹਾਨ ਯੋਗਦਾਨ ਰਿਹਾ ਹੈ ਅਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਦੀ ਸਮਾਜ ਸੁਧਾਰਕ ਵਜੋਂ ਮਹਾਨ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਭਵਿੱਖ ਦੇ ਭਾਰਤ ਦੀਆਂ ਸਥਿਤੀਆਂ ਨੂੰ ਸਮਝਦਿਆਂ ਅਜਿਹਾ ਸੰਵਿਧਾਨ ਰਚਿਆ ਜੋ ਅੱਜ ਵੀ ਸਾਡਾ ਮਾਰਗ ਦਰਸ਼ਕ ਹੈ।