ਨਿੱਜੀ ਪੱਤਰ ਪ੍ਰੇਰਕ
ਧੂਰੀ, 17 ਅਕਤੂਬਰ
ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪਿੰਡਾਂ ਵਿੱਚ ਜੰਗਲ ਵਿਕਸਿਤ ਕਰਨ ਲਈ ਪੰਚਾਇਤੀ ਜ਼ਮੀਨਾਂ ਉੱਪਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਧੂਰੀ ਵਿਚ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਅਤੇ ਆਲ ਇੰਡੀਆ ਐਫਸੀਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ ਅਤੇ ਅਮਰਦੀਪ ਧਾਂਦਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਿਨੋਂ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਸਾਂਭਣ ਲਈ ਆਮ ਆਦਮੀ ਪਾਰਟੀ ਵੱਲੋਂ ਪੰਚਾਇਤੀ ਜ਼ਮੀਨਾਂ ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਨੇੜਲੇ ਪਿੰਡ ਧੰਦੀਵਾਲ ਵਿਚ ਡੇਢ ਏਕੜ ਪੰਚਾਇਤੀ ਜ਼ਮੀਨ ਵਿੱਚ ਫਲਦਾਰ ਅਤੇ ਛਾਂ ਵਾਲੇ 2500 ਬੂਟੇ ਲਗਾਏ ਗਏ ਹਨ ਅਤੇ ਪੰਚਾਇਤ ਦੇ ਸਹਿਯੋਗ ਨਾਲ ਇਨ੍ਹਾਂ ਬੂਟਿਆਂ ਦੀ ਸੰਭਾਲ ਦਾ ਉਪਰਾਲਾ ਵੀ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਕੋਟੇ ਵਿੱਚੋਂ ਆਈ ਪਾਣੀ ਵਾਲੀ ਟੈਂਕੀ ਪਿੰਡ ਵਾਸੀਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਪੰਚਾਇਤੀ ਜ਼ਮੀਨਾਂ ਵਿੱਚ ਵੀ ਬੂਟੇ ਲਗਾ ਕੇ ਪੰਜਾਬ ਦੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਆਪ ਆਗੂ ਪਰਮਿੰਦਰ ਸਿੰਘ ਪੰਨੂ ਕਾਤਰੋਂ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦੇ ਜਨਮ ਦਿਨ ਅਤੇ ਵਿਆਹ-ਸ਼ਾਦੀ ਦੇ ਮੌਕਿਆਂ ਉੱਤੇ ਵੀ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਪਿੰਡ ਵਾਸੀਆਂ ਅਤੇ ਪੰਚਾਇਤ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ।