ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 7 ਨਵੰਬਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਟੌਲ ਪਲਾਜ਼ਾ ਕਾਲਾਝਾੜ, ਟੌਲ ਪਲਾਜ਼ਾ ਮਾਝੀ ’ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਚ 38ਵੇਂ ਦਿਨ ਵੀ ਧਰਨੇ ਜਾਰੀ ਰਹੇ। ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ’ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਚ ਲਾਏ ਧਰਨਿਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ ਅਤੇ ਹਰਜੀਤ ਸਿੰਘ ਮਹਿਲਾਂ ਨੇ ਆਖਿਆ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਕਿਸਾਨ ਲੰਬੀ ਲੜਾਈ ਲੜਨ ਲਈ ਤਿਆਰ ਹਨ। ਇਸ ਮੌਕੇ ਕਿਸਾਨ ਬੀਬੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਜ਼ਾਹਿਰ ਕੀਤਾ।
ਬੀਕੇਯੂ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਮਾਝੀ ਵਿਚ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਰਣਧੀਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਅੰਗਰੇਜ਼ ਸਿੰਘ, ਸੁਰਜੀਤ ਕੌਰ ਮਾਝੀ, ਕੁਲਵੰਤ ਕੌਰ ਨਕਟੇ, ਜੀਤ ਸਿੰਘ ਮਾਝੀ ਅਤੇ ਨਛੱਤਰ ਸਿੰਘ ਨੇ ਕਿਹਾ ਕਿ ਕਿਸਾਨਾਂ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਪਵੇਗਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਬੀਕੇਯੂ ਏਕਤਾ ਉਗਰਾਹਾਂ ਦਾ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਅਧੀਨ ਰਿਲਾਇੰਸ ਪੰਪ ਲਹਿਰਾਗਾਗਾ ’ਚ ਲਾਇਆ ਧਰਨਾ ਅੱਜ 38 ਦਿਨ ’ਚ ਦਾਖ਼ਲ ਹੋ ਗਿਆ ਹੈ। ਧਰਨਾਕਾਰੀ ਔਰਤਾਂ ਅਤੇ ਕਿਸਾਨਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਧਰਨੇ ’ਚ ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਨਾਅਰੇਬਾਜ਼ੀ ਜਾਰੀ ਰੱਖੀ। ਬਲਾਕ ਪ੍ਰਧਾਨ ਧਰਮਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਕਰਨ ਲਈ ਮੋਦੀ-ਸ਼ਾਹ ਅਤੇ ਕਾਰਪੋਰੇਟਰ ਘਰਾਣਿਆਂ ਖ਼ਿਲਾਫ਼ ਲਗਾਤਾਰ ਧਰਨੇ ਜਾਰੀ ਰੱਖ ਕੇ ਫ਼ੈਸਲਾ ਵਾਪਸ ਲੈਣ ਲਈ ਮਜਬੂਰ ਕਰ ਦੇਣ ਲਈ ਕਿਸਾਨ ਵਚਨਬੱਧ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਖੇਤੀਬਾੜੀ ਦੀ ਆਰਥਿਕਤਾ ਨੂੰ ਤਬਾਹ ਕਰਨ ਵਾਲੇ ਤਿੰਨੇ ਕਾਨੂੰਨ ਖ਼ਤਮ ਕੀਤੇ ਜਾਣ ਤੇ ਚੌਥਾ ਬਿਜਲੀ ਬਿੱਲ ਵੀ ਰੱਦ ਕੀਤਾ ਜਾਵੇ।
ਧੂਰੀ (ਪਵਨ ਕੁਮਾਰ ਵਰਮਾ): ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ, ਕੁਲਵਿੰਦਰ ਸਿੰਘ ਭੂਦਨ ਪ੍ਰਧਾਨ ਬਲਾਕ ਮਾਲੇਰਕੋਟਲਾ ਦੀ ਪ੍ਰਧਾਨਗੀ ਹੇਠ ਟੌਲ ਪਲਾਜ਼ਾ ਲੱਡਾ ’ਤੇ ਧਰਨਾ ਜਾਰੀ ਹੈ। ਅੱਜ ਵੀ ਵੱਡੀ ਗਿਣਤੀ ਵਿੱਚ ਮਜ਼ਦੂਰਾਂ, ਨੌਜਵਾਨਾਂ ਅਤੇ ਬੀਬੀਆਂ ਨੇ ਸ਼ਿਰਕਤ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਪੈਟਰੋਲ ਪੰਪ ਡੀਲਰਾਂ ਦੇ ਆਰਥਿਕ ਨੁਕਸਾਨ ਨੂੰ ਦੇਖਦਿਆਂ ਸਿਰਫ਼ ਡੀਲਰਾਂ ਦੇ ਪੈਟਰੋਲ ਪੰਪਾਂ ਤੋਂ ਧਰਨੇ ਤਬਦੀਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਟੌਲ ਪਲਾਜ਼ਿਆਂ ’ਤੇ ਧਰਨੇ ਪਹਿਲਾਂ ਦੀ ਤਰ੍ਹਾਂ ਹੀ ਬਹਾਲ ਰਹਿਣਗੇ।
ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਲੋਕ ਮਾਰੂ ਕਾਨੂੰਨ ਕਦੇ ਵੀ ਪ੍ਰਵਾਨ ਨਹੀਂ ਕੀਤੇ ਜਾਣਗੇ। ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪਰਾਲੀ ਪ੍ਰਦੂਸ਼ਨ ਦੇ ਨਾਂ ’ਤੇ ਲੁੱਟ ਕਰਨ ਦੇ ਮਨਸੂਬਿਆਂ ਨੂੰ ਕਦੇ ਵੀ ਬੂਰ ਨਹੀਂ ਪੈਣ ਦਿੱਤਾ ਜਾਵੇਗਾ। ਇਸ ਮੌਕੇ ਰਾਮ ਸਿੰਘ ਕੱਕੜਵਾਲ, ਹਰਪਾਲ ਸਿੰਘ ਪੇਧਨੀ, ਕ੍ਰਿਪਾਲ ਸਿੰਘ ਧੂਰੀ ਪਿੰਡ, ਨਿਰਮਲ ਸਿੰਘ ਅਲੀਪੁਰ, ਚਰਨਜੀਤ ਸਿੰਘ ਹਥਨ, ਚਮਕੌਰ ਸਿੰਘ, ਜਗਤਾਰ ਸਿੰਘ ਕਲੇਰਾਂ ਆਦਿ ਕਿਸਾਨਾਂ ਨੇ ਵੀ ਸੰਬੋਧਨ ਕੀਤਾ।
ਸਰਕਾਰ ਕਿਸਾਨਾਂ ਦਾ ਨਾਜਾਇਜ਼ ਫ਼ਾਇਦਾ ਨਾ ਉਠਾਏ: ਬਹਿਰੂ
ਦੇਵੀਗੜ੍ਹ (ਪੱਤਰ ਪ੍ਰੇਰਕ): ਕਿਸਾਨ ਕੋਆਰਡੀਨੇਸ਼ਨ ਕਮੇਟੀ ਵਲੋਂ ਕਿਸਾਨਾਂ ਨੂੰ ਜਿਹੜੇ ਪ੍ਰੋਗਰਾਮ ਦਿੱਤੇ ਗਏ, ਉਨ੍ਹਾਂ ਵਿੱਚ ਪੰਜਾਬ ਦੇ ਕਿਸਾਨਾਂ ਸਣੇ ਸਬ ਪੰਜਾਬੀਆਂ ਨੇ ਵੱਧ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਕਿਸਾਨ ਆਗੂ ਆਗੂ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਕਿਸਾਨ ਅੰਦੋਲਨ ਹੁਣ ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੇ ਅਪਣਾ ਲਿਆ ਹੈ। ਉਨ੍ਹਾਂ ਕਿਹਾ ਕਿ 26 ਅਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਜੋ ਹੋਕਾ ਦਿੱਤਾ ਗਿਆ ਹੈ, ਉਸ ਵਿੱਚ ਲੱਖਾਂ ਕਿਸਾਨ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਜਥਿਆਂ ਦੇ ਰੂਪ ਵਿੱਚ ਪੁੱਜਣਗੇ। ਸ੍ਰੀ ਬਹਿਰੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਸ਼ਰਾਫਤ ਦਾ ਨਜਾਇਜ਼ ਫਾਇਦਾ ਭਾਜਪਾ ਨਾ ਉਠਾਵੇ।