ਨਿੱਜੀ ਪੱਤਰ ਪ੍ਰੇਰਕ
ਧੂਰੀ, 11 ਜੁਲਾਈ
ਇਸ ਹਲਕੇ ਵਿੱਚੋਂ ਅਪਰਾਧ ਤੇ ਨਸ਼ਿਆਂ ਦੇ ਖ਼ਾਤਮੇ ਲਈ ਡੀਐੱਸਪੀ ਯੋਗੇਸ਼ ਸ਼ਰਮਾ ਨੇ ਸਮੂਹ ਪੁਲੀਸ ਕਰਮਚਾਰੀਆਂ ਨੂੰ ਵੱਖ-ਵੱਖ ਪਿੰਡਾਂ ਦੀਆਂ ਬੀਟਾਂ ਵੰਡ ਕੇ ਵਿਸ਼ੇਸ਼ ਹਿਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਜ਼ੁਰਮ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਮੋਹਤਬਰ ਵਿਅਕਤੀਆਂ ਅਤੇ ਖਾਸਕਰ ਨੌਜਵਾਨਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਸਹਿਯੋਗ ਲੈ ਕੇ ਮਾੜੇ ਅਨਸਰਾਂ ’ਤੇ ਨੱਥ ਪਾਈ ਜਾਵੇਗੀ। ਉਨ੍ਹਾਂ ਦੱਸਿਆਂ ਕਿ ਇਸ ਨੂੰ ਲੈ ਕੇ ਪੁਲੀਸ ਦੇ ਹਰੇਕ ਕਰਮਚਾਰੀ ਨੂੰ ਵੱਖ-ਵੱਖ ਪਿੰਡਾਂ ਦੀਆਂ ਬੀਟਾਂ ਵੰਡੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਉਕਤ ਪਿੰਡਾਂ ਦੇ ਮਾੜੇ ਅਨਸਰਾਂ ਜਾਂ ਕਿਸੇ ਵੀ ਤਰ੍ਹਾਂ ਦੇ ਜੁਲਮ ’ਚ ਲਿਪਤ ਵਿਅਕਤੀਆਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੀ ਵੈਰੀਫਿਕੇਸ਼ਨ ਕਰਕੇ ਮੌਜੂਦਾ ਹਾਲਤਾਂ ਬਾਰੇ ਪਤਾ ਲਗਾਇਆ ਜਾ ਸਕੇ। ਇਸ ਮੌਕੇ ਥਾਣਾ ਸਿਟੀ ਧੂਰੀ ਦੇ ਮੁਖੀ ਹਰਜਿੰਦਰ ਸਿੰਘ ਢਿੱਲੋਂ, ਥਾਣਾ ਸਦਰ ਧੂਰੀ ਦੇ ਮੁਖੀ ਅਵਤਾਰ ਸਿੰਘ ਅਤੇ ਸ਼ੇਰਪੁਰ ਥਾਣੇ ਦੇ ਮੁਖੀ ਅਮਰੀਕ ਸਿੰਘ ਅਤੇ ਚੌਂਕੀ ਭਲਵਾਨ ਇੰਚਾਰਜ ਅਮਨਦੀਪ ਕੌਰ ਸਮੇਤ ਇਲਾਕੇ ਦੇ ਹੋਰ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।