ਖੇਤਰੀ ਪ੍ਰਤੀਨਿਧ
ਪਟਿਆਲਾ, 21 ਅਕਤੂਬਰ
ਇੱਥੇ ਅੱਜ ਪੁਲੀਸ ਯਾਦਗਾਰੀ ਦਿਵਸ ਮੌਕੇ ਪੁਲੀਸ ਲਾਈਨ ਵਿੱਚ ਕਰਵਾਏ ਗਏ ਸਮਾਗਮ ਦੌਰਾਨ ‘ਸ਼ਹੀਦੀ ਸਮਾਰਕ’ ਉੱਤੇ ਪੁਲੀਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ਼ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਐੱਸਐੱਸਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਪਟਿਆਲਾ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸ੍ਰੀ ਛੀਨਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੈਂਗਸਟਰਵਾਦ ਅਤੇ ਨਸ਼ਿਆਂ ਦੀਆਂ ਮੌਜੂਦਾ ਚੁਣੌਤੀਆਂ ਸਮੇਤ ਗੁਆਂਢੀ ਮੁਲਕ ਵੱਲੋਂ ਫੈਲਾਏ ਜਾਣ ਵਾਲੇ ਅਤਿਵਾਦ ਤੇ ਤਸਕਰੀ ਨਾਲ ਨਜਿੱਠਣ ਲਈ ਪੰਜਾਬ ਪੁਲੀਸ ਹਰ ਪੱਖੋਂ ਸੁਚੇਤ, ਸਮਰੱਥ ਅਤੇ ਕਾਬਿਲ ਹੈ। ਉਨ੍ਹਾਂ ਸ਼ਹੀਦ ਪੁਲੀਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪਟਿਆਲਾ ਦੇੇ ਮੌਜੂਦਾ ਐੱਸ.ਪੀ. (ਡੀ) ਹਰਬੀਰ ਸਿੰਘ ਅਟਵਾਲ ਦੇ ਪਿਤਾ ਏ.ਐੱਸ. ਅਟਵਾਲ (ਡੀਆਈਜੀ) ਵੀ ਅਤਿਵਾਦੀਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਗਏ ਸਨ।
ਐੱਸ.ਪੀ. (ਐੱਚ) ਹਰਵੰਤ ਕੌਰ (ਕੌਂਮਾਂਤਰੀ ਖਿਡਾਰਨ) ਨੇ ਦੇਸ਼ ਭੇਰ ਦੇ ਸ਼ਹੀਦ ਪੁਲੀਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਡੀਐੱਸਪੀ ਸੌਰਵ ਜਿੰਦਲ ਦੀ ਅਗਵਾਈ ਹੇਠਲੀ ਟੁਕੜੀ ਨੇ ਸੋਗ ਤੇ ਸਲਾਮੀ ਸ਼ਸਤਰ ਅਤੇ ਮੌਨ ਧਾਰਨ ਮਗਰੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ। ਡੀਐੱਸਪੀ (ਐੱਚ) ਹਰਦੀਪ ਸਿੰਘ ਬਡੂੰਗਰ ਵੀ ਸਮਾਗਮ ਦੇ ਮੁੱਖ ਪ੍ਰਬੰਧਕਾਂ ’ਚ ਸ਼ਾਮਲ ਸਨ।
ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਣਜੀਤ ਜੈਨ, ਸੀਜੇਐੱਮ ਅਮਿਤ ਮੱਲ੍ਹਣ ਐੱਸ.ਪੀ. ਵਜੀਰ ਸਿੰਘ ਖਹਿਰਾ, ਰਾਕੇਸ਼ ਕੁਮਾਰ, ਹਰਬੀਰ ਅਟਵਾਲ ਤੇ ਹਰਵੰਤ ਕੌਰ ਮੌਜੂਦ ਸਨ। ਉਪਰੰਤ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।
ਇਸੇ ਦੌਰਾਨ ਪੰਜਾਬ ਜੇਲ੍ਹ ਵਿਭਾਗ ਵੱਲੋਂ ਅੱਜ ਪੁਲੀਸ ਯਾਦਗਾਰ ਦਿਵਸ ਮੌਕੇ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਆਪਣੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ਼ਰਧਾਂਜਲੀ ਸਮਾਰੋਹ ਵਿੱਚ ਵਿਸ਼ੇਸ਼ ਤੌਰ ’ਤੇ ਪੁੱੱਜੇ ਸਪੈਸ਼ਲ ਡੀਜੀਪੀ (ਜੇਲ੍ਹਾਂ) ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਪੁਲੀਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲੀਸ ਦੇ ਜਵਾਨਾਂ ਨੂੰ ਪੁਲੀਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਰਧਾ ਦਾ ਫੁੱਲ ਭੇਟ ਕੀਤੇ ਗਏ। ਸਥਾਨਕ ਪੁਲੀਸ ਲਾਈਨ ਸਟੇਡੀਅਮ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਿੰਦਰ ਸਿੰਘ ਰਾਏ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਸਮੇਤ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ। ਐੱਸਐੱਸਪੀ ਸ੍ਰੀ ਸਿੱਧੂ ਨੇ 21 ਅਕਤੂਬਰ ਦੇ ਦਿਹਾੜੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਤੋਂ ਪਹਿਲਾਂ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।