ਹੁਸ਼ਿਆਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਜੁਲਾਈ
ਨੇੜਲੇ ਪਿੰਡ ਰਾਮਪੁਰਾ ਵੱਲੋਂ ਅੱਜ ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਸਾਰੇ ਰਾਜਨੀਤਿਕ ਆਗੂਆਂ ਦੀ ਪਿੰਡ ਵਿੱਚ ਹਰ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਐਂਟਰੀ ਬੰਦ ਕਰਦਿਆਂ ਥਾਂ-ਥਾਂ ’ਤੇ ਫਲੈਕਸ ਲਗਾਏ ਗਏ। ਇਸ ਸਬੰਧੀ ਪਿੰਡ ਦੇ ਨੌਜਵਾਨ ਹਰਦੀਪ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ਉੱਤੇ ਪਿਛਲੇ 7 ਮਹੀਨਿਆਂ ਤੋਂ ਕਿਸਾਨੀ ਸੰਘਰਸ਼ ਚੱਲ ਰਿਹਾ ਹੈ।
ਇਸ ਦੌਰਾਨ ਲਗਭਗ 500 ਦੇ ਕਰੀਬ ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ ਪ੍ਰੰਤੂ ਮੌਜੂਦਾ ਸਰਕਾਰ ਦੇ ਕੰਨ ’ਤੇ ਜੂੰ ਤੱਕ ਨੀ ਸਰਕੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਕਿਸਾਨੀ ਸੰਘਰਸ਼ ਦਾ ਕੋਈ ਪੱਕਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਕਿਸੇ ਸਿਆਸੀ ਨੇਤਾ ਨੂੰ ਪਿੰਡ ਚ ਦਾਖ਼ਲ ਨਹੀਂ ਹੋਣ ਦੇਣਗੇ।
ਇਸ ਮੌਕੇ ਕਰਮ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਹਨੀ ਸਿੰਘ ,ਜਗਦੀਪ ਸਿੰਘ, ਗੁਰਵਿੰਦਰ ਸਿੰਘ, ਨੀਟੂ ਸਿੰਘ, ਦਵਿੰਦਰ ਸਿੰਘ ਅਤੇ ਜਾਗਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।