ਸਿਆਸੀ ਆਗੂਆਂ ਨੇ ਉਮੀਦਵਾਰਾਂ ਦੀ ਜਿੱਤ ਲਈ ਵਾਹ ਲਾਈ
ਆਗਾਮੀ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਲਈ ਚੋਣ ਪ੍ਰਚਾਰ ਪੂਰੇ ਸਿਖ਼ਰ ’ਤੇ ਪੁੱਜ ਗਿਆ ਹੈ। ਚੋਣ ਮੈਦਾਨ ਵਿੱਚ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੀ ਜਿੱਤ ਲਈ ਪੂਰੀ ਵਾਹ ਲਗਾ ਦਿੱਤੀ ਗਈ ਹੈ। ਚੋਣ ਮੈਦਾਨ ਵਿਚ ਪ੍ਰਮੁੱਖ ਸਿਆਸੀ ਪਾਰਟੀਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ (ਬਾਦਲ), ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਤੋਂ ਇਲਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਜਿੱਥੇ ਆਪੋ-ਆਪਣੇ ਹਲਕਿਆਂ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ, ਉੱਥੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸੰਗਰੂਰ ਹਲਕੇ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਚੋਣ ਮੀਟਿੰਗਾਂ ਕੀਤੀਆਂ ਹਨ।
ਕਾਂਗਰਸ ਦੇ ਆਗੂਆਂ ਨੇ ਵੀ ਆਪੋ-ਆਪਣੇ ਹਲਕਿਆਂ ਵਿੱਚ ਚੋਣ ਪ੍ਰਚਾਰ ਦੀ ਮੁਹਿੰਮ ਭਖਾਈ ਹੋਈ ਹੈ। ਸੰਗਰੂਰ ਹਲਕੇ ਵਿੱਚ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਰਗਰਮੀ ਨਾਲ ਚੋਣ ਮੁਹਿੰਮ ਦੀ ਕਮਾਨ ਸੰਭਾਲ ਰੱਖੀ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹੇ ਨਾਲ ਸਬੰਧਤ ਪ੍ਰਮੁੱਖ ਆਗੂਆਂ ਵਿੱਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਐੱਸ ਜੀ ਪੀ ਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਸਮੇਤ ਅਨੇਕਾਂ ਆਗੂ ਚੋਣ ਮੁਹਿੰਮ ਵਿੱਚ ਵਾਹ ਲਗਾ ਰਹੇ ਹਨ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵੀ ਜ਼ਿਲ੍ਹੇ ਵਿੱਚ ਅਨੇਕਾਂ ਜ਼ੋਨਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਹੈ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ ਵਾਰਸ ਪੰਜਾਬ ਵੱਲੋਂ ਵੀ ਸਾਂਝੇ ਤੌਰ ’ਤੇ ਲੜੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਆਗੂ ਵੀ ਚੋਣ ਪ੍ਰਚਾਰ ਵਿੱਚ ਪੂਰੀ ਵਾਹ ਲਗਾ ਰਹੇ ਹਨ। ਪਾਰਟੀ ਦੇ ਸੂਬਾ ਆਗੂ ਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਪੂਰੀ ਮਿਹਨਤ ਨਾਲ ਚੋਣ ਮੁਹਿੰਮ ਵਿੱਚ ਜੁਟੇ ਹੋਏ ਹਨ। ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਸਮੇਤ ਸਾਰੇ ਅਹੁਦੇਦਾਰਾਂ ਨੇ ਪ੍ਰਚਾਰ ਦੀ ਕਮਾਨ ਸੰਭਾਲ ਰੱਖੀ ਹੈ।
