ਰਮੇਸ਼ ਭਾਰਦਵਾਜ
ਲਹਿਰਾਗਾਗਾ, 6 ਦਸੰਬਰ
ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਲਗਾਤਾਰ ਲੱਗ ਰਹੇ ਘਰੇਲੂ ਕੱਟਾਂ ਅਤੇ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਹੱਲ ਕਰਵਾਉਣ ਲਈ ਪਾਵਰਕੌਮ ਦੇ ਐਕਸੀਅਨ ਦਫ਼ਤਰ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ। ਇਸ ਮੌਕੇ ਕਰਨੈਲ ਸਿੰਘ ਗਨੋਟਾ, ਰਾਮ ਸਿੰਘ ਨੰਗਲਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆਂ, ਬਿੰਦਰ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਜਗਦੀਪ ਸਿੰਘ ਲਹਿਲ ਖੁਰਦ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਸਰਬਜੀਤ ਸ਼ਰਮਾ ਲਹਿਰਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਰਾਮਚੰਦ ਸਿੰਘ ਚੋਟੀਆਂ, ਪ੍ਰੀਤਮ ਸਿੰਘ ਲਹਿਲ ਕਲਾਂ ,ਬਲਕਾਰ ਸਿੰਘ ਬਖੋਰਾ, ਜੈਦੀਪ ਸਿੰਘ ਲਹਿਲ ਖੁਰਦ, ਹਰਪ੍ਰੀਤ ਸਿੰਘ ਲਹਿਲ ਕਲਾਂ, ਜਗਦੇਵ ਸਿੰਘ ਲਹਿਲ ਖੁਰਦ, ਕਰਮਜੀਤ ਕੌਰ ਭੁਟਾਲ ਕਲਾਂ ਤੇ ਬਲਜੀਤ ਕੌਰ ਲਹਿਲ ਕਲਾਂ ਨੇ ਕਿਹਾ ਕਿ ਦੋ ਵਾਰ ਪਹਿਲਾਂ ਅਖ਼ਬਾਰਾਂ ਰਾਹੀਂ ਪ੍ਰੈੱਸ ਨੋਟ ਜਾਰੀ ਕਰ ਕੇ ਬਿਜਲੀ ਮਹਿਕਮੇ ਨੂੰ ਦੱਸਿਆ ਜਾ ਚੁੱਕਾ ਹੈ ਕਿ ਬੇਸ਼ੁਮਾਰ ਦਿਹਾਤੀ ਸਪਲਾਈ ਵਿੱਚ ਲੱਗ ਰਹੇ ਕੱਟਾਂ ’ਚ ਸੁਧਾਰ ਕੀਤਾ ਜਾਵੇ ਪਰ ਮਹਿਕਮੇ ਦੇ ਕੰਨਾਂ ’ਤੇ ਜੂੰ ਨਹੀਂ ਸਰਕੀ। ਅੱਜ ਜਥੇਬੰਦੀ ਵੱਲੋਂ ਤਿੰਨ ਘੰਟਿਆਂ ਦਾ ਸੰਕੇਤਕ ਧਰਨਾ ਦਿੱਤਾ ਗਿਆ। ਇਸ ਦੌਰਾਨ ਪਾਵਰਕੌਮ ਦੇ ਐੱਸਡੀਓ ਕੁਨਾਲ ਕਾਲੜਾ ਵੱਲੋਂ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਨਿਰਵਿਘਨ ਸਪਲਾਈ ਦੇਣ ਦਾ ਭਰੋਸਾ ਦੇਣ ਤੋਂ ਬਾਅਦ ਦੁਪਹਿਰ 3 ਵਜੇ ਧਰਨਾ ਚੁੱਕ ਲਿਆ ਗਿਆ। ਆਗੂਆਂ ਨੇ ਦੱਸਿਆ ਏਰੀਏ ਵਿੱਚ ਲੋਕ ਬਿਜਲੀ ਕੱਟਾਂ ਤੋਂ ਬਹੁਤ ਪ੍ਰੇਸ਼ਾਨ ਹਨ। ਆਗੂਆਂ ਨੇ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ ਦਿੱਤੀ।