ਸੰਗਰੂਰ (ਮਹਿੰਦਰ ਕੌਰ ਮਨੂੰ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ-2020 ਖ਼ਿਲਾਫ਼ ਦੇਸ਼ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਕੀਤੇ ਜਾ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਬਿਜਲੀ ਮੁਲਾਜ਼ਮਾਂ ਵੱਲੋਂ ਪੀਐਸਈਬੀ ਐਂਪਲਾਈਜ਼ ਜੁਆਇੰਟ ਫ਼ੋਰਮ ਦੇ ਸੱਦੇ ’ਤੇ ਅੱਜ ਇੱਥੇ ਸਰਕਲ ਦਫ਼ਤਰ ਸੰਗਰੂਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁਕੇਸ਼ ਅੰਬਾਨੀ ਤੇ ਅੰਡਾਨੀ ਦੀ ਅਰਥੀ ਫੂਕ ਕੇ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਸੂਬਾਈਆਂ ਆਗੂਆਂ ਫ਼ਲਜੀਤ ਸਿੰਘ, ਹਰਪਾਲ ਸਿੰਘ,ਸਰਕਲ ਆਗੂ ਯਸ਼ਪਾਲ ਸ਼ਰਮਾਂ ਅਤੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਕਿਸਾਨਾਂ ’ਤੇ ਕੀਤੇ ਤਸ਼ੱਦਦ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਤਿੰਨੋਂ ਕਾਲੇ ਕਾਨੂੰਨ ਰੱਦ ਕੀਤੇ ਜਾਣ, ਪ੍ਰਸਤਾਵਿਤ ਬਿਜਲੀ ਸੋਧ ਬਿੱਲ-2020 ਵਾਪਿਸ ਲਿਆ ਜਾਵੇ, ਕਿਸਾਨਾਂ ’ਤੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ, ਜੇਲ੍ਹਾਂ ਵਿੱਚ ਬੰਦ ਕੀਤੇ ਲੇਖਕ, ਬੁੱਧੀਜੀਵੀ, ਸਿਆਸੀ ਕਾਰਕੁਨ ਰਿਹਾਅ ਕੀਤੇ ਜਾਣ। ਆਗੂਆਂ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਦਾ ਸਮਰਥਨ ਵੀ ਕੀਤਾ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਅੱਜ ਮੰਡਲ ਮਾਲੇਰਕੋਟਲਾ ਦੇ ਗੇਟ ਅੱਗੇ ਜੁਆਇੰਟ ਫੋਰਮ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦੀ ਅਰਥੀ ਫ਼ੂਕ ਕੇ ਰੋਸ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਸ.ਈ.ਬੀ. ਐਂਪਲਾਈਜ਼ ਫ਼ੈਡਰੇਸ਼ਨ ਦੇ ਗੋਬਿੰਦ ਕਾਂਤ ਝਾਅ, ਐਂਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਬਲਜੀਤ ਸਿੰਘ, ਟੀਐੱਸਯੂ ਦੇ ਰਤਨ ਸਿੰਘ ਨੇ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੀ ਹਮਾਇਤ ਕਰਦਿਆਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।
ਧੂਰੀ (ਪਵਨ ਕੁਮਾਰ ਵਰਮਾ): ਐਂਪਲਾਈਜ਼ ਜੁਆਇੰਟ ਫੋਰਮ ਪਾਵਰਕੌਮ ਪੰਜਾਬ ਦੇ ਸੱਦੇ ’ਤੇ ਮੰਡਲ ਦਫਤਰ ਧੂਰੀ ਵਿੱਚ ਰੋਸ ਰੈਲੀ ਕਰਦਿਆਂ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੁੱਧ ਪਾਸ ਕੀਤੇ ਗਏ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਆਦਿ ਨੂੰ ਰੱਦ ਕਰਵਾਉਣ ਅਤੇ ਕਿਸਾਨ ਜੱਥੇਬੰਦੀਆਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ। ਆਗੂਆਂ ਨੇ ਪਾਸ ਕੀਤੇ ਗਏ ਕਾਲੇ ਕਾਨੂੰਨ ਤੇ ਬਿਜਲੀ ਸੋਧ ਬਿੱਲ-2020 ਰੱਦ ਕਰਨ, ਪਰਾਲੀ ਸਾੜਨ ’ਤੇ ਇੱਕ ਕਰੋੜ ਰੁਪਏ ਜੁਰਮਾਨਾ ਤੇ ਪੰਜ ਸਾਲ ਕੈਦ ਵਾਲਾ ਕਾਨੂੰਨ ਰੱਦ ਕਰਨ ਅਤੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ ਦੀ ਮੰਗ ਕੀਤੀ।