ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਦਸੰਬਰ
ਐਂਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ ਗਿਆ। ਸਰਕਲ ਸੰਗਰੂਰ ਦੇ ਦਫ਼ਤਰ ਅੱਗੇ ਰੋਸ ਧਰਨਾ ਦੇਣ ਵਾਲੇ ਮੁਜ਼ਾਹਰਾਕਾਰੀਆਂ ਦਾ ਕਹਿਣਾ ਸੀ ਕਿ ਪਾਵਰਕੌਮ ਵੱਲੋਂ ਮੁਲਾਜ਼ਮਾਂ ਦਾ ਪੇਅ ਬੈਂਡ ਸਰਕੁਲਰ ਜਾਰੀ ਨਹੀਂ ਕੀਤਾ ਗਿਆ ਜੋ ਕਿ 30 ਨਵੰਬਰ ਨੂੰ ਜਾਰੀ ਕੀਤਾ ਜਾਣਾ ਸੀ। ਮੁਜ਼ਾਹਰਾਕਾਰੀਆਂ ਨੇ ਕਿਹਾ ਕਿ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਪਿਛਲੇ 14 ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਬਿਜਲੀ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਪੇਅ ਬੈਂਡ ਦਾ ਸਰਕੁਲਰ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ ਅਤੇ ਤਨਖ਼ਾਹ ਨਵੇਂ ਸਕੇਲਾਂ ਅਨੁਸਾਰ ਦਿੱਤੀ ਜਾਵੇਗੀ ਜਦਕਿ ਮੈਨੇਜਮੈਂਟ ਵੱਲੋਂ ਰਹਿੰਦੀਆਂ ਮੰਗਾਂ ਜਲਦੀ ਹੀ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਵੱਲੋਂ ਨਵੰਬਰ ਮਹੀਨੇ ਦੀ ਤਨਖ਼ਾਹ ਵੀ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਦੇਵੀਗੜ੍ਹ ਅਤੇ ਰੋਹੜ ਜਗੀਰ ਦੇ ਮੁਲਾਜ਼ਮਾਂ ਵੱਲੋਂ ਜੁਆਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਕਾਰਪੋਰੇਸ਼ਨ ਮੈਨੇਜਮੈਂਟ ਦੇ ਅੜੀਅਲ ਵਤੀਰੇ ਖਿਲਾਫ਼ ਰੈਲੀ ਕੀਤੀ ਗਈ। ਉਨ੍ਹਾਂ ਕਿਹਾ ਕਿ ਹੈੱਡ ਆਫਿਸ ਦੇ ਤਿੰਨੋਂ ਗੇਟ ਬੰਦ ਕੀਤੇ ਜਾਣਗੇ, ਜਦੋਂ ਤੱਕ ਮੈਨੇਜਮੈਂਟ ਮੰਗਾਂ ਨਹੀਂ ਮੰਨਦੀ ਤੇ ਉਦੋਂ ਤੱਕ ਲਗਾਤਾਰ ਸੰਘਰਸ਼ ਜਾਰੀ ਰਹੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਹੋਵੇਗੀ।
ਬਿਜਲੀ ਮੁਲਾਜ਼ਮਾਂ ਵੱਲੋਂ ਗੇਟ ਰੈਲੀ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਮੰਡਲ ਲਹਿਰਾਗਾਗਾ ਦੇ ਦਫ਼ਤਰ ਵਿੱਚ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਜੁਆਇੰਟ ਫੋਰਮ ਦੇ ਸੱਦੇ ’ਤੇ ਸਮੂਹ ਬਿਜਲੀ ਮੁਲਾਜ਼ਮਾਂ ਨੇ ਰੋਸ ਮੁਜ਼ਾਹਰਾ ਕੀਤਾ। ਮੁਲਾਜ਼ਮ ਆਗੂ ਪੂਰਨ ਸਿੰਘ ਖਾਈ, ਮਹਿੰਦਰ ਸਿੰਘ, ਰਾਮ ਚੰਦਰ ਸਿੰਘ ਖਾਈ, ਸੁਰਿੰਦਰ ਮੋਹਨ, ਕਰਮਜੀਤ ਸਿੰਘ ਨੰਗਲਾ ਤੇ ਗੁਰਮੀਤ ਸਿੰਘ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦਾ ਪਾਵਰਕੌਮ ਮੈਨੇਜਮੈਂਟ ਤੋਂ ਭਰੱਸਾ ਉੱਠ ਗਿਆ ਹੈ। ਸੂਬਾ ਕਮੇਟੀਆਂ ਦੇ ਫ਼ੈਸਲੇ ਮੁਤਾਬਕ ਅੱਜ ਰਾਤ 12 ਵਜੇ ਤੋਂ ਸਮੁੱਚੇ ਬਿਜਲੀ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀਆਂ ਭਰ ਕੇ ਕੰਮ ਠੱਪ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਦੀ ਹੋਵੇਗੀ। ਧਰਨੇ ਨੂੰ ਅਮਨਦੀਪ ਗਰਗ, ਬੰਟੀ ਸਿੰਘ, ਕੁਲਦੀਪ ਸਿੰਘ, ਅਮਨਦੀਪ ਢੀਂਡਸਾ, ਗੁਰਜੀਵਨ ਸਿੰਘ, ਹਰਦੀਪ ਸਿੰਘ ਖਾਈ ਅਤੇ ਕਈ ਹੋਰ ਸਾਥੀਆਂ ਨੇ ਸੰਬੋਧਨ ਕੀਤਾ।