ਹਰਦੀਪ ਸਿੰਘ ਸੋਢੀ
ਧੂਰੀ, 8 ਅਗਸਤ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਠੇਕਾ ਕਾਮਿਆਂ ਉੱਪਰ ਪਿਛਲੇ ਦਿਨੀਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਅੱਜ ਸਥਾਨਕ ਬਾਗੜੀਆਂ ਚੌਕ ’ਚ ਪੰਜਾਬ ਸਰਕਾਰ ਅਤੇ ਪਟਿਆਲਾ ਪ੍ਰਸ਼ਾਸਨ ਦੀਆਂ ਅਰਥੀਆਂ ਫੂਕੀਆਂ।
ਸਰਕਲ ਪ੍ਰਧਾਨ ਚਮਕੌਰ ਸਿੰਘ, ਡਿਵੀਜ਼ਨ ਪ੍ਰਧਾਨ ਕੁਲਦੀਪ ਸਿੰਘ, ਸਕੱਤਰ ਰਾਜਪਾਲ ਸਿੰਘ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਪਾਵਰਕੌਮ ਸੀਐਚਬੀ ਅਤੇ ਸੀਐਚਬੀ ਡਬਲਿਯੂ ਠੇਕਾ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਇਸ ਦੌਰਾਨ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਤੇ ਕਿਰਤ ਵਿਭਾਗ ਦੇ ਮੰਤਰੀ ਸਮੇਤ ਅਧਿਕਾਰੀਆਂ ਨਾਲ ਮੰਗਾਂ ਸਬੰਧੀ ਮੀਟਿੰਗਾਂ ਹੋਈਆਂ, ਜਿਸ ਵਿੱਚ ਮੰਗਾਂ ਨੂੰ ਹੱਲ ਕਰਨ ਲਈ ਲਿਖਤੀ ਫੈਸਲੇ ਵੀ ਹੋਏ ਪਰ ਪਾਵਰਕੌਮ ਮੈਨੇਜਮੈਂਟ ਤੇ ਸਰਕਾਰ ਨੇ ਫੈਸਲੇ ਲਾਗੂ ਨਹੀਂ ਕੀਤੇ, ਜਿਸ ਕਾਰਨ ਠੇਕਾ ਕਾਮਿਆਂ ’ਚ ਭਾਰੀ ਰੋਸ ਹੈ। ਇਸ ਮੌਕੇ ਤਰਨਦੀਪ ਸਿੰਘ, ਜਗਦੀਸ਼ ਸਿੰਘ, ਰਾਹੁਲ ਬਾਂਸਲ, ਅਮਨਦੀਪ ਸਿੰਘ, ਗੁਰਜੀਤ ਸਿੰਘ, ਰਜਤ ਕੁਮਾਰ, ਜਗਮੀਤ ਸਿੰਘ ਤੇ ਕੁਲਵਿੰਦਰ ਸਿੰਘ ਵੀ ਮੌਜੂਦ ਸਨ।