ਪੱਤਰ ਪ੍ਰੇਰਕ
ਲਹਿਰਾਗਾਗਾ, 6 ਜਨਵਰੀ
ਪਿੰਡ ਜਲੂਰ ਦੇ ਜੀਜੀਐੱਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਲਹਿਲ ਕਲਾਂ ਵਿੱਚ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਮਾਨਵ ਸੱਭਿਅਤਾ ਦੇ ਲਈ ਗੁਰੂ ਗੋਬਿੰਦ ਸਿੰਘ ਨੇ ਆਪਣਾ ਸਭ ਕੁਝ ਵਾਰ ਦਿੱਤਾ ਤੇ ਸਰਬੰਸਦਾਨੀ ਕਹਿਲਾਇਆ। ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਵੀ ਤੁਲੀ ਅਤੇ ਮੈਨੇਜਿੰਗ ਡਾਇਰੈਕਟਰ ਡਾ. ਸੰਜੇ ਗਰਗ ਨੇ ਕਿਹਾ ਕਿ ਇਹ ਸਕੂਲ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਲਕਸ਼ ਤੋਂ ਚੱਲਦਾ ਹੈ ਤੇ ਗੁਰੂਆਂ ਦੇ ਆਦੇਸ਼ਾਂ ਨੂੰ ਮੰਨਦਾ ਹੈ।
ਪਾਤੜਾਂ (ਪੱਤਰ ਪ੍ਰੇਰਕ): ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਚ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਰਾਗੀ ਜਥਿਆਂ ਨੇ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਦੀ ਅਗਵਾਈ ’ਚ ਆਗੂਆਂ ਵੱਲੋਂ ਸਮਾਗਮਾਂ ਵਿਚ ਸੇਵਾ ਕਰਨ ਵਾਲੀ ਸੰਗਤ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੈਨੇਜਰ ਇਕਬਾਲ ਸਿੰਘ ਬੰਗੀ ਨੇ ਦੱਸਿਆ ਕਿ ਸਜੇ ਦੀਵਾਨਾਂ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ
ਰਾਜਪੁਰਾ (ਪੱਤਰ ਪ੍ਰੇਰਕ): ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇੱਥੋਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ, ਸ਼ਹੀਦ ਭਾਈ ਸੁੱਖਾ ਸਿੰਘ ਨੀਲਪੁਰ, ਜਪੁ ਸਾਹਿਬ ਗੋਬਿੰਦ ਕਾਲੌਨੀ, ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਟਾਊਨ, ਗੁਰਦੁਆਰਾ ਸਾਹਿਬ ਗੁਲਾਬ ਨਗਰ ਅਤੇ ਗੁਰਦੁਆਰਾ ਨਵੀਨ ਸਿੰਘ ਸਭਾ ਪੁਰਾਣਾ ਜੀਟੀ ਰੋਡ ਤੋਂ ਪ੍ਰਭਾਤ ਫੇਰੀਆਂ ਜਾਰੀ ਹਨ। ਇਹ ਪ੍ਰਭਾਤ ਫੇਰੀਆਂ ਅੰਮ੍ਰਿਤ ਵੇਲੇ ਦੇ ਨਿਤਨੇਮ ਕਰਕੇ ਨਿਸ਼ਾਨ ਸਾਹਿਬ ਦੀ ਛਤਰ ਛਾਇਆ ਹੇਠ ਸ਼ਹਿਰ ਦੀ ਵੱਖ-ਵੱਖ ਕਾਲੋਨੀਆਂ ਵਿੱਚ ਸਜਾਈਆਂ ਜਾ ਰਹੀਆ ਹਨ। ਗੁਰਦੁਆਰਾ ਕਮੇਟੀ ਦੇ ਆਗੂਆਂ ਗਿਆਨੀ ਭੁਪਿੰਦਰ ਸਿੰਘ, ਭਾਈ ਗੁਰਿੰਦਰ ਸਿੰਘ ਦੂਆ ਅਤੇ ਭਾਈ ਅਬਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ 8 ਜਨਵਰੀ ਤੱਕ ਜਾਰੀ ਰਹਿਣਗੀਆਂ।