ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਅਗਸਤ
ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ 5 ਸਤੰਬਰ ਨੂੰ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਤਿਆਰੀ ਲਈ ਸਥਾਨਕ ਗਦਰ ਮੈਮੋਰੀਅਲ ਭਵਨ ਵਿੱਚ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਰੋਸ ਪ੍ਰਦਰਸ਼ਨਾਂ ਸਬੰਧੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਹਲਕਾ ਲਹਿਰਾ, ਸੁਨਾਮ, ਸੰਗਰੂਰ, ਧੂਰੀ ਅਤੇ ਬਰਨਾਲਾ ਵਿੱਚ ਹੋਣ ਵਾਲੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿਚ ਮਸਤੂਆਣਾ ਸਾਹਿਬ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਉਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਏ ਗਏ ਅੜਿੱਕੇ ਦੀ ਨਿਖੇਧੀ ਕੀਤੀ ਗਈ ਅਤੇ ਇਸ ਮਸਲੇ ’ਤੇ ਮੈਡੀਕਲ ਕਾਲਜ ਬਣਾਓ ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਪਸ਼ੂਆਂ ਅੰਦਰ ਫੈਲੀ ਲੰਪੀ ਸਕਿਨ ਬਿਮਾਰੀ ਕਾਰਨ ਪਸ਼ੂ ਪਾਲਕਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਇਸ ਸਬੰਧੀ ਯੋਗ ਮੁਆਵਜ਼ਾ ਤੇ ਇਲਾਜ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿੱਚ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਪ੍ਰੈੱਸ ਸਕੱਤਰ ਭਜਨ ਸਿੰਘ ਢੱਡਰੀਆਂ, ਜ਼ਿਲ੍ਹਾ ਆਗੂ ਜੁਝਾਰ ਸਿੰਘ ਬਡਰੁੱਖਾਂ ,ਯੂਥ ਵਿੰਗ ਦੇ ਜ਼ਿਲ੍ਹਾ ਕਨਵੀਨਰ ਜਸਦੀਪ ਸਿੰਘ, ਲਖਵਿੰਦਰ ਉੱਭਾਵਾਲ, ਗੁਰਜੀਤ ਸਿੰਘ ਉੱਭਾਵਾਲ, ਰਾਮ ਸਿੰਘ, ਰਣਧੀਰ ਸਿੰਘ, ਅਵਤਾਰ ਸਿੰਘ ਸਾਹੋਕੇ ਹਾਜ਼ਰ ਸਨ।