ਸੰਯੁਕਤ ਕਿਸਾਨ ਮੋਰਚੇ ਵੱਲੋਂ ਜਬਰ ਵਿਰੋਧੀ ਰੈਲੀ ਦੀਆਂ ਤਿਆਰੀਆਂ ਮੁਕੰਮਲ
ਬੀਰ ਇੰਦਰ ਸਿੰਘ ਬਨਭੌਰੀ
ਸੰਗਰੂਰ, 24 ਮਈ
ਇਥੋਂ ਦੇ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੂਬੇ ਦੇ ਫ਼ੈਸਲੇ ਅਨੁਸਾਰ 26 ਮਈ ਨੂੰ ਸੰਗਰੂਰ ਦੀ ਦਾਣਾ ਮੰਡੀ ਵਿੱਚ ਜਬਰ ਵਿਰੋਧੀ ਰੈਲੀ ਕਰਨ ਦੇ ਦਿੱਤੇ ਸੱਦੇ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ ਅਤੇ ਅੱਜ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕਰਦਿਆਂ 20 ਮਈ ਨੂੰ ਜੀਂਦ ਰਿਆਸਤ ਦੇ ਰਾਜੇ ਦੀ ਜ਼ਮੀਨ ਦੇ ਕਬਜ਼ੇ ਸਬੰਧੀ ਸੰਘਰਸ਼ ਕਰ ਰਹੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ 500 ਦੇ ਕਰੀਬ ਕਾਰਕੁਨਾਂ ਨੂੰ ਜੇਲ੍ਹਾਂ ’ਚ ਡੱਕਣ ਦੀ ਸਖਤ ਨਿੰਦਾ ਕਰਦੇ ਹੋਏ ਮਜ਼ਦੂਰਾਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਵੀ ਕੀਤੀ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਕੁਮਾਰ ਲਿੱਦੜਾ, ਬੀਕੇਯੂ ਡਕੌਂਦਾ ਧਨੇਰ ਦੇ ਆਗੂ ਬਹਾਦਰ ਸਿੰਘ ਘਰਾਚੋਂ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਧਿਆਨ ਸਿੰਘ ਭੱਟੀਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਇੰਦਰਪਾਲ ਸਿੰਘ ਪੁੰਨਾਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਨੇ ਦੱਸਿਆ ਕਿ ਜੋ ਪਿਛਲੇ 25 ਅਪਰੈਲ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਨੂੰ ਪੁਲੀਸ ਵੱਲੋਂ ਹਾਲੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਵਰਿੰਦਰ ਗੋਇਲ ਦੇ ਦਬਾਅ ਕਾਰਨ ਪੁਲੀਸ ਦੋਸ਼ੀਆਂ ਨਾਲ ਨਰਮੀ ਵਾਲਾ ਵਤੀਰਾ ਅਪਣਾ ਰਹੀ ਹੈ ਤੇ ਦੋ ਦੋਸ਼ੀਆਂ ਨੂੰ ਕਥਿਤ ਤੌਰ ’ਤੇ ਜ਼ਮਾਨਤ ਲੈਣ ਵਿੱਚ ਵੀ ਪੁਲੀਸ ਵੱਲੋਂ ਮੱਦਦ ਕੀਤੀ ਗਈ। ਕਿਸਾਨ ਆਗੂ ’ਤੇ ਹੋਏ ਇਸ ਜਬਰ ਖ਼ਿਲਾਫ਼ ਸੰਗਰੂਰ ਦਾਣਾ ਮੰਡੀ ਵਿੱਚ 26 ਮਈ ਨੂੰ ਵਿਸ਼ਾਲ ਰੋਸ ਰੈਲੀ ਕਰਨ ਉਪਰੰਤ ਡੀਸੀ ਦਫਤਰ ਸੰਗਰੂਰ ਤੱਕ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਿਲੇ ਅੰਦਰ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।