ਨਿਜੀ ਪੱਤਰ ਪ੍ਰੇਰਕ
ਸੰਗਰੂਰ, 27 ਸਤੰਬਰ
ਸੰਯੁਕਤ ਕਿਸਾਨ ਮੋਰਚਾ ਦੀ ਜ਼ਿਲ੍ਹਾ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਹੋਈ। ਇਸ ਵਿਚ 3 ਅਕਤੂਬਰ ਨੂੰ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਅਰਥੀ ਫੂਕਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਦੇ ਆਗੂ ਕੁਲਦੀਪ ਸਿੰਘ ਜੋਸ਼ੀ, ਕੁਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਸੂਬਾ ਆਗੂ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਸੂਬਾ ਮੀਤ ਪ੍ਰਧਾਨ ਹਰਦੇਵ ਬਖਸੀਵਾਲਾ, ਬੀਕੇਯੂ ਕਾਦੀਆਂ ਦੇ ਆਗੂ ਮਹਿੰਦਰ ਸਿੰਘ ਬੁਗਰਾ ਅਤੇ ਬੀਕੇਯੂ ਲੱਖੋਵਾਲ ਦੇ ਆਗੂ ਜੀਵਨ ਸਿੰਘ ਭਲਵਾਨ ਨੇ ਦੱਸਿਆ ਕਿ ਲਖੀਮਪੁਰ ਖੀਰੀ ਵਿੱਚ ਭਾਜਪਾ ਦੇ ਕੇਂਦਰੀ ਮੰਤਰੀ ਦੇ ਪੁੱਤਰ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਕੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਸ਼ਹੀਦ ਕਰਨ ਦੀ ਘਟਨਾ ਨੂੰ ਇੱਕ ਸਾਲ ਬੀਤ ਚੁੱਕਿਆ ਹੈ ਪਰ ਅਜੇ ਤੱਕ ਇਨਸਾਫ ਪ੍ਰਾਪਤ ਨਹੀਂ ਹੋਇਆ। ਇਸ ਤੋਂ ਬਿਨਾਂ ਦਿੱਲੀ ਮੋਰਚੇ ਦੀ ਸਮਾਪਤੀ ਮੌਕੇ ਮੰਨੀਆਂ ਗਈਆਂ ਬਹੁਤ ਸਾਰੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਸਾਰੇ ਦੇਸ਼ ਦੇ ਕਿਸਾਨਾਂ ਅੰਦਰ ਰੋਸ ਹੈ ਅਤੇ ਸੰਯੁਕਤ ਕਿਸਾਨ ਮੋਰਚਾ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਇਸ ਦੀ ਕੜੀ ਵਜੋਂ 3 ਅਕਤੂਬਰ ਨੂੰ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਨੂੰ ਮੰਗ ਕੀਤੀ ਕਿ ਪਰਾਲੀ ਫੂਕਣ ਨੂੰ ਲੈ ਕੇ ਕਿਸਾਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਮੁਹਿੰਮ ਵਿੱਢੀ ਗਈ ਹੈ ਉਸ ਨੂੰ ਵਾਪਸ ਲਿਆ ਜਾਵੇ ਅਤੇ ਪਰਾਲੀ ਦਾ ਸਰਕਾਰ ਆਪਣੇ ਪੱਧਰ ਤੇ ਪ੍ਰਬੰਧ ਕਰੇ ਜਾਂ ਕਿਸਾਨਾਂ ਨੂੰ ਪ੍ਰਤੀ ਏਕੜ ਛੇ ਹਜ਼ਾਰ ਰੁਪਏ ਮੁਆਵਜਾ ਦਿੱਤਾ ਜਾਵੇ। ਜੇਕਰ ਸਰਕਾਰ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਦੀ ਹੈ ਤਾਂ ਉਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।